Punjab News: ਪਰਾਲੀ ਸਾੜਨ ਦੇ 87 ਮਾਮਲੇ ਆਏ ਸਾਹਮਣੇ, 35 ਕਿਸਾਨਾਂ ਨੂੰ ਡੇਢ ਲੱਖ ਰੁਪਏ ਜੁਰਮਾਨਾ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 9 ਨਵੰਬਰ 2026: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੈਟੇਲਾਈਟ ਤਕਨੀਕ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਰੂ ਹਰ ਸਹਾਏ ਵਿਧਾਨ ਸਭਾ ਹਲਕੇ ਵਿੱਚ 21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਵਿੱਚੋਂ 35 ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਗਈ ਹੈ ਅਤੇ ਲਗਭਗ ਡੇਢ ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਬਾਕੀ ਮਾਮਲਿਆਂ ਵਿੱਚੋਂ 45 ਥਾਵਾਂ ਦੀ ਜਾਂਚ ਜਾਰੀ ਹੈ, ਜਦਕਿ 7 ਹੋਰ ਮਾਮਲੇ ਵੀ ਪੜਤਾਲ ਅਧੀਨ ਹਨ। ਜਾਂਚ ਦੌਰਾਨ ਪਰਾਲੀ ਸਾੜਨ ਦੀ ਪੁਸ਼ਟੀ ਅਤੇ ਸਬੰਧਤ ਕਿਸਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੜਤਾਲ ਪੂਰੀ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਮੁਹਿੰਮ ਐੱਸ.ਡੀ.ਐੱਮ. ਗੁਰੂ ਹਰ ਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸੈਟੇਲਾਈਟ ਰਾਹੀਂ ਮਿਲਣ ਵਾਲੇ ਅੰਕੜਿਆਂ ਦੇ ਆਧਾਰ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ। ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।





