ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਵੱਡਾ ਐਲਾਨ, ਕਿਹਾ- 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ੍ਹਾਂਗਾ
ਚੰਡੀਗੜ੍ਹ, 10 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲਰ ਨੇ ਚੋਣ ਮੈਦਾਨ ਵਿੱਚ ਨਾ ਉਤਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਪੱਟੀ ਵਿਧਾਨ ਸਭਾ ਹਲਕੇ ਤੋਂ ਮੁੜ ਚੋਣ ਨਹੀਂ ਲੜਨਗੇ।
ਆਪਣੀ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੱਟੀ ਹਲਕੇ ਦੇ ਲੋਕ ਉਨ੍ਹਾਂ ਨੂੰ ਪਾਰਟੀ ਵੱਲੋਂ ਦੁਬਾਰਾ ਚੋਣ ਲੜਦਿਆਂ ਦੇਖਣਾ ਚਾਹੁੰਦੇ ਹਨ। ਹਾਲਾਂਕਿ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੋਣ ਨਾ ਲੜਨ ਦਾ ਫ਼ੈਸਲਾ ਜਨਤਕ ਕਰ ਦਿੱਤਾ ਹੈ।
ਉਨ੍ਹਾਂ ਪੱਟੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਪਿਆਰ ਅਤੇ ਸਹਿਯੋਗ ਲਈ ਸਾਰੀ ਜ਼ਿੰਦਗੀ ਰਿਣੀ ਰਹਿਣਗੇ। ਭੁੱਲਰ ਨੇ ਕਿਹਾ ਕਿ ਔਖੇ ਅਤੇ ਸੁਖਾਲੇ ਸਮੇਂ ਵਿੱਚ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਉਹ ਸਾਰੇ ਉਨ੍ਹਾਂ ਲਈ ਬੇਹੱਦ ਸਤਿਕਾਰਯੋਗ ਹਨ।
ਉਨ੍ਹਾਂ ਦੀ ਇਸ ਅਚਾਨਕ ਕੀਤੀ ਗਈ ਪੋਸਟ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਛਿੜ ਗਈ ਹੈ ਕਿ ਆਖ਼ਰ ਉਨ੍ਹਾਂ ਨੇ ਚੋਣ ਨਾ ਲੜਨ ਦਾ ਫ਼ੈਸਲਾ ਕਿਉਂ ਕੀਤਾ ਹੈ। ਹਾਲਾਂਕਿ ਇਸ ਸਬੰਧੀ ਉਨ੍ਹਾਂ ਵੱਲੋਂ ਕੋਈ ਵਿਸਥਾਰਤ ਕਾਰਨ ਨਹੀਂ ਦੱਸਿਆ ਗਿਆ।





