- ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ
- ਚੀਨ ਵਿਖੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਮਿਲਣਾ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ – ਹਰਚੰਦ ਸਿੰਘ ਬਰਸਟ
- ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ ਕਰਮਚਾਰੀ ਯੂਨੀਅਨ ਨੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਫੁਲਾਂ ਦੇ ਗੁਲਦਸਤੇ ਦੇ ਕੇ ਦਿੱਤੀ ਵਧਾਈ
ਚੰਡੀਗੜ੍ਹ, 11 ਨਵੰਬਰ 2026 (ਦੇਸ਼ ਕਲਿੱਕ ਬਿਊਰੋ) :- ਪੰਜਾਬ ਮੰਡੀ ਬੋਰਡ ਨੂੰ ਚੀਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ਦੀ ਖੁਸ਼ੀ ਵਿੱਚ ਅੱਜ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੋਰਡ ਦੇ ਸਮੂਹ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਰੋਹ ਦੌਰਾਨ ਮੁੱਖ ਦਫ਼ਤਰ ਵਿਖੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਇਸ ਅੰਤਰਰਾਸ਼ਟਰੀ ਪ੍ਰਾਪਤੀ ਲਈ ਵਧਾਈ ਦਿੱਤੀ।
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਐਵਾਰਡ ਸਿਰਫ਼ ਪੰਜਾਬ ਮੰਡੀ ਬੋਰਡ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਮਾਣ-ਸਨਮਾਨ ਹੈ। ਇਹ ਪ੍ਰਾਪਤੀ ਮੰਡੀ ਬੋਰਡ ਦੇ ਹਰ ਅਧਿਕਾਰੀ, ਕਰਮਚਾਰੀ ਅਤੇ ਸਟਾਫ਼ ਦੀ ਦਿਨ-ਰਾਤ ਦੀ ਅਣਥੱਕ ਮਿਹਨਤ, ਸਮਰਪਣ ਅਤੇ ਇਮਾਨਦਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸਨਮਾਨ ਸਾਡੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੰਦੇ ਹਨ, ਤਾਂ ਜੋ ਭਵਿੱਖ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਖਪਤਕਾਰਾਂ ਲਈ ਹੋਰ ਬਿਹਤਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਸ. ਬਰਸਟ ਨੇ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਤਨਦੇਹੀ, ਜੋਸ਼ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀ ਪ੍ਰਣਾਲੀ ਵਿੱਚ ਆਧੁਨਿਕ ਤਕਨਾਲੋਜੀ ਅਤੇ ਨਵੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਮੰਡੀ ਬੋਰਡ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ, ਕਿਉਂਕਿ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਮੰਡੀ ਬੋਰਡ ਨੂੰ ਇਹ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਹੋਇਆ ਹੈ। ਇਹ ਪ੍ਰਾਪਤੀ ਨਾ ਸਿਰਫ਼ ਪੰਜਾਬ ਲਈ ਮਾਣ ਵਾਲੀ ਗੱਲ ਹੈ, ਸਗੋਂ ਇਹ ਸੂਬੇ ਦੇ ਖੇਤੀਬਾੜੀ ਮੰਡੀਕਰਨ ਦੇ ਆਧੁਨਿਕ ਢਾਂਚੇ ਦਾ ਵਿਸ਼ਵ ਪੱਧਰੀ ਹੋਣਾ ਦਰਸ਼ਾਉਂਦੀ ਹੈ।
ਇਸ ਮੌਕੇ ਮੌਜੂਦ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰਿਆਂ ਨੇ ਇੱਕਸੁਰ ਹੋ ਕੇ ਮੰਡੀ ਬੋਰਡ ਦੀ ਤਰੱਕੀ, ਉੱਨਤੀ ਅਤੇ ਚੜ੍ਹਦੀਕਲਾ ਲਈ ਪਹਿਲਾਂ ਨਾਲੋਂ ਵੀ ਵੱਧ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ ਸਮੇਤ ਸਮੂਹ ਡੀ.ਜੀ.ਐਮ. ਅਤੇ ਹੋਰ ਉੱਚ ਅਧਿਕਾਰੀ ਮੌਜੂਦ ਰਹੇ।
ਇਸਦੇ ਨਾਲ ਹੀ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਵੀ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਫੁੱਲਾਂ ਦਾ ਗੁਲਦਸਤਾਂ ਦੇ ਕੇ ਇਸ ਅੰਤਰਰਾਸ਼ਟਰੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਸਮਾਰੋਹ ਦੇ ਅੰਤ ਵਿੱਚ ਮੂੰਹ ਮਿੱਠਾ ਕਰਵਾ ਕੇ ਇਸ ਖੁਸ਼ੀ ਨੂੰ ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਸਨਮਾਨ ਪੰਜਾਬ ਮੰਡੀ ਬੋਰਡ ਦੇ ਭਵਿੱਖੀ ਵਿਕਾਸ ਅਤੇ ਨਵੀਆਂ ਬੁਲੰਦੀਆਂ ਵੱਲ ਵਧਣ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।





