ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਦੀ ਦੂਜੀ ਸੂਚੀ ਜਾਰੀ, ਪੜ੍ਹੋ ਕਿਹੜੇ 8 ਮੌਜੂਦਾ ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ

Top Trending News ਪੰਜਾਬ
  • ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਦੀ ਦੂਜੀ ਸੂਚੀ ਜਾਰੀ, ਪੜ੍ਹੋ ਕਿਹੜੇ 8 ਮੌਜੂਦਾ ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ
  • ਦੋ ਸੰਸਦ ਮੈਂਬਰਾਂ ਨੂੰ ਵੀ ਚੋਣ ਮੈਦਾਨ ’ਚ ਉਤਾਰਿਆ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਸੂਚੀ ਵਿੱਚ ਪਾਰਟੀ ਨੇ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ, ਜਦਕਿ ਦੋ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਹੈ।

ਦੂਜੀ ਸੂਚੀ ਵਿੱਚ ਸ਼ਾਮਲ 31 ਵਿਧਾਨ ਸਭਾ ਹਲਕਿਆਂ ਵਿੱਚੋਂ 2022 ਦੀਆਂ ਚੋਣਾਂ ਦੌਰਾਨ AAP ਨੇ 10 ਸੀਟਾਂ ਜਿੱਤੀਆਂ ਸਨ। ਇਨ੍ਹਾਂ ਵਿੱਚੋਂ ਸਿਰਫ਼ ਦੋ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ ਗਈ ਹੈ। ਇਨ੍ਹਾਂ ਵਿੱਚ ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਗਰਾਓਂ ਤੋਂ ਸਰਬਜੀਤ ਕੌਰ ਮਾਣੂੰਕੇ ਸ਼ਾਮਲ ਹਨ।

ਕਈ ਮੰਤਰੀਆਂ ਤੇ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ
ਪਾਰਟੀ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਅਮਿਤ ਰਤਨ ਕੋਟਫੱਤਾ, ਕੁੰਵਰ ਵਿਜੇ ਪ੍ਰਤਾਪ, ਲਾਲਜੀਤ ਭੁੱਲਰ, ਰਮਨ ਅਰੋੜਾ, ਕੁਲਵੰਤ ਬਾਜ਼ੀਗਰ ਅਤੇ ਚਰਨਜੀਤ ਸਿੰਘ ਨੂੰ ਮੁੜ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ। ਮਤਲਬ ਕਿ ਇਨ੍ਹਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ।

ਦੋ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਦੀ ਟਿਕਟ
AAP ਨੇ ਦੋ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।

ਹੁਣ ਤੱਕ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਉਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ ਗਈ ਸੀ। ਦੂਜੀ ਸੂਚੀ ਦੇ 31 ਨਾਵਾਂ ਨਾਲ AAP ਹੁਣ ਤੱਕ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।