ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਹੋਵੇਗੀ ਵਾਪਸੀ, 15 ਨਵੰਬਰ ਨੂੰ ਸੁਖਬੀਰ ਬਾਦਲ ਬੇਗੋਵਾਲ ਪਹੁੰਚ ਕੇ ਕਰਵਾਉਣਗੇ ਸ਼ਮੂਲੀਅਤ
ਕਪੂਰਥਲਾ, 13 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 15 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੌਕੇ ਬੇਗੋਵਾਲ ਪਹੁੰਚਣਗੇ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
ਇਸ ਸਿਆਸੀ ਸਰਗਰਮੀ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅੱਜ 13 ਨਵੰਬਰ ਨੂੰ ਦੁਪਹਿਰ 1 ਵਜੇ ਨੱਥੋਵਾਲ ਦਾ ਦੌਰਾ ਕਰਨਗੇ। ਇੱਥੇ ਸਾਬਕਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ।
ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਇਸ ਨਾਲ ਦੋਆਬਾ ਖੇਤਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।
ਉਧਰ, ਸੁਖਬੀਰ ਬਾਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਜਾਣ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।





