ਅਨਮੋਲ ਗਗਨ ਮਾਨ ਨੇ ਚੋਣ ਨਾ ਲੜਨ ਬਾਰੇ ਤੋੜੀ ਚੁੱਪੀ, ਕਿਹਾ- ਟਿਕਟ ਨਹੀਂ ਕੱਟੀ ਗਈ, ਖੁਦ ਲਿਆ ਚੋਣ ਨਾ ਲੜਨ ਦਾ ਫ਼ੈਸਲਾ
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਵਿਧਾਇਕਾ ਅਨਮੋਲ ਗਗਨ ਮਾਨ ਦੇ ਚੋਣ ਨਾ ਲੜਨ ਦੇ ਫ਼ੈਸਲੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਸਪੱਸ਼ਟ ਕੀਤਾ ਹੈ। ਖਰੜ ਹਲਕੇ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀ ਟਿਕਟ ਨਹੀਂ ਕੱਟੀ ਗਈ।
ਆਪਣੇ ਬਿਆਨ ਵਿੱਚ ਉਨ੍ਹਾਂ ਖੁਲਾਸਾ ਕੀਤਾ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿਖੇ ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਹੀ ਚੋਣ ਨਾ ਲੜਨ ਬਾਰੇ ਆਪਣਾ ਫ਼ੈਸਲਾ ਦੱਸ ਦਿੱਤਾ ਸੀ।
ਉਨ੍ਹਾਂ ਮੁਤਾਬਕ ਤਿੰਨ ਦਿਨ ਪਹਿਲਾਂ ਵੀ ਕੇਜਰੀਵਾਲ ਦਾ ਫ਼ੋਨ ਆਇਆ ਸੀ ਅਤੇ ਉਨ੍ਹਾਂ ਨੇ ਦੁਬਾਰਾ ਪੁੱਛਿਆ ਸੀ ਕਿ ਕੀ ਉਹ ਆਪਣੇ ਫ਼ੈਸਲੇ ’ਤੇ ਕਾਇਮ ਹਨ। ਇਸ ’ਤੇ ਅਨਮੋਲ ਗਗਨ ਮਾਨ ਨੇ ਆਪਣਾ ਪੁਰਾਣਾ ਫ਼ੈਸਲਾ ਦੁਹਰਾਇਆ।
ਵਿਧਾਇਕਾ ਨੇ ਕਿਹਾ ਕਿ ਕੇਜਰੀਵਾਲ ਉਨ੍ਹਾਂ ਦੇ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਪਰ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਅੰਤ ਵਿੱਚ ਉਨ੍ਹਾਂ ਪਾਰਟੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।





