BREAKING- MP ਅੰਮ੍ਰਿਤਪਾਲ ਸਿੰਘ ਨੂੰ ਅੰਤਰਿਮ ਜ਼ਮਾਨਤ
ਚੰਡੀਗੜ੍ਹ, 13 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਵਕੀਲ ਵੱਲੋਂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਕੀਤਾ ਜਾਣਾ ਹੈ। ਇਸ ਮੌਕੇ ਪਰਿਵਾਰ ਵੱਲੋਂ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਪਰਿਵਾਰ ਅਤੇ ਵਕੀਲਾਂ ਨੇ ਇੱਕ ਹਫ਼ਤੇ ਤੋਂ ਲੈ ਕੇ 10 ਦਿਨਾਂ ਤੱਕ ਦੀ ਰਾਹਤ ਦੀ ਮੰਗ ਕੀਤੀ ਸੀ, ਪਰ ਸਰਕਾਰੀ ਧਿਰ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਇਸ ਦਾ ਵਿਰੋਧ ਕੀਤਾ ਗਿਆ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਮੈਂਬਰ ਦਾ ਅਹੁਦਾ ਹਾਸਲ ਕੀਤਾ ਸੀ। ਹੁਣ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ।





