Breaking: ਮਣੀਪੁਰ ’ਚ ਮੁੜ ਭੜਕੀ ਹਿੰਸਾ, ਦੋ ਔਰਤਾਂ ਸਮੇਤ 4 ਨਾਗਾ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ
ਇੰਫਾਲ 14 ਨਵੰਬਰ 2026
ਮਣੀਪੁਰ ਵਿੱਚ ਜਾਤੀਗਤ ਤਣਾਅ ਅਤੇ ਹਿੰਸਕ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਹਿੰਸਕ ਘਟਨਾਵਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਸੇ ਦੌਰਾਨ ਉਖਰੁਲ ਜ਼ਿਲ੍ਹੇ ਵਿੱਚ ਬੀਤੇ ਸ਼ੁੱਕਰਵਾਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਦੋ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਦੋ ਔਰਤਾਂ ਸਮੇਤ ਚਾਰ ਨਾਗਾ ਭਾਈਚਾਰੇ ਦੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਹਮਲੇ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ।
ਹਮਲਾਵਰਾਂ ਦੀ ਭਾਲ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਮਣੀਪੁਰ ਪੁਲਿਸ, ਸੀਮਾ ਸੁਰੱਖਿਆ ਬਲ (ਬੀਐੱਸਐੱਫ), ਭਾਰਤੀ ਫ਼ੌਜ ਅਤੇ ਅਸਾਮ ਰਾਈਫ਼ਲਜ਼ ਦੇ ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ।
ਸੁਰੱਖਿਆ ਬਲਾਂ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।





