ਨੌਜਵਾਨਾਂ ਲਈ CM ਮਾਨ ਦਾ ਵੱਡਾ ਐਲਾਨ; ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਉਣ ਦੀ ਤਿਆਰੀ
ਚੰਡੀਗੜ੍ਹ 14 ਨਵੰਬਰ 2026
ਪੰਜਾਬ ਦੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਵੱਡਾ ਐਲਾਨ ਕਰਨ ਜਾ ਰਹੇ ਹਨ। ਮੁੱਖ ਮੰਤਰੀ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਨੌਜਵਾਨਾਂ ਨਾਲ ਸਬੰਧਤ ਨਵੀਂ ਯੋਜਨਾ ਬਾਰੇ ਜਾਣਕਾਰੀ ਦੇਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਨਾਂ ਹੇਠ ਵਿਸ਼ੇਸ਼ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ।
ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦਾ ਮੁੱਖ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਰਾਹੀਂ ਨੌਜਵਾਨਾਂ ਦੇ ਪੰਜਾਬ ਦੇ ਇਤਿਹਾਸ, ਵਿਰਸੇ, ਸੱਭਿਆਚਾਰ, ਭਾਸ਼ਾ ਅਤੇ ਪਛਾਣ ਸਬੰਧੀ ਗਿਆਨ ਦੀ ਪਰਖ ਕੀਤੀ ਜਾਵੇਗੀ।
ਇਸ ਮੁਕਾਬਲੇ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਦੀ ਇਸ ਪਹਿਲਕਦਮੀ ਨੂੰ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਮੁਕਾਬਲੇ ਦੀ ਰੂਪ-ਰੇਖਾ, ਭਾਗ ਲੈਣ ਦੀਆਂ ਸ਼ਰਤਾਂ ਅਤੇ ਹੋਰ ਵੇਰਵੇ ਸਾਂਝੇ ਕਰ ਸਕਦੇ ਹਨ।





