ਗੰਨੇ ਦਾ ਭਾਅ 500 ਰੁਪਏ ਕੁਇੰਟਲ ਕਰਨ ਦੀ ਮੰਗ, ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ
ਜਲੰਧਰ 14 ਨਵੰਬਰ 2026
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਗੰਨੇ ਦਾ ਸਮਰਥਨ ਮੁੱਲ 500 ਰੁਪਏ ਪ੍ਰਤੀ ਕੁਇੰਟਲ ਐਲਾਨਣ ਸਮੇਤ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਖੇਤਰੀ ਅਧਿਕਾਰੀ ਰਜਮਨਦੀਪ ਕੌਰ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ 18 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨਿਰਧਾਰਤ ਸਮੇਂ ਅੰਦਰ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ 20 ਨਵੰਬਰ ਤੋਂ ਧੰਨੋਵਾਲੀ ਰੇਲਵੇ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਰੇਲ ਅਤੇ ਸੜਕੀ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਅਤੇ ਹੋਰ ਕਿਸਾਨੀ ਮਸਲਿਆਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰਨ ਦੀ ਬਜਾਏ ਮੰਗਾਂ ਦਾ ਸਮਾਂ ਰਹਿੰਦਿਆਂ ਨਿਪਟਾਰਾ ਕੀਤਾ ਜਾਵੇ।





