ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 15 ਨਵੰਬਰ ਤੋਂ ਬਦਲੇਗਾ ਮੌਸਮ; ਵਧੇਗੀ ਠੰਢ

Top Trending News ਪੰਜਾਬ

 

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 15 ਨਵੰਬਰ ਤੋਂ ਬਦਲੇਗਾ ਮੌਸਮ; ਵਧੇਗੀ ਠੰਢ

ਚੰਡੀਗੜ੍ਹ 14 ਨਵੰਬਰ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 5.9 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿਖੇ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ 15 ਨਵੰਬਰ ਤੋਂ ਇੱਕ ਹੋਰ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ ਇਸ ਦਿਨ ਤੋਂ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਉੱਧਰ, ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ 14 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 30 ਅਤੇ ਘੱਟੋ-ਘੱਟ 14 ਡਿਗਰੀ ਰਹਿ ਸਕਦਾ ਹੈ। 15 ਨਵੰਬਰ ਨੂੰ ਇਹ ਕ੍ਰਮਵਾਰ 27 ਅਤੇ 12 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 16 ਤੋਂ 18 ਨਵੰਬਰ ਦਰਮਿਆਨ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਨਾਲ ਸਵੇਰ ਅਤੇ ਰਾਤ ਸਮੇਂ ਠੰਢ ਦਾ ਅਸਰ ਹੋਰ ਵਧਣ ਦੀ ਸੰਭਾਵਨਾ ਹੈ।