- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਹਾਦਸੇ ਦਾ ਸ਼ਿਕਾਰ, 5 ਸ਼ਰਧਾਲੂਆਂ ਦੀ ਮੌਤ
ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਵਿੱਚ ਸ਼ਨੀਵਾਰ ਸ਼ਾਮ ਕਰੀਬ 4 ਵਜੇ ਨੈਸ਼ਨਲ ਹਾਈਵੇ-54 ’ਤੇ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 21 ਲੋਕ ਜ਼ਖ਼ਮੀ ਹੋ ਗਏ। ਦੋਵੇਂ ਬੱਸਾਂ ਵਿੱਚ ਕਰੀਬ 80 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਉਹ ਤੀਰਥ ਯਾਤਰਾ ਸਕੀਮ ਤਹਿਤ ਜਾ ਰਹੀਆਂ ਸਨ।
ਜਾਣਕਾਰੀ ਅਨੁਸਾਰ, ਇੱਕ ਬੱਸ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਪਰਤ ਰਹੀ ਸੀ, ਜਦਕਿ ਦੂਜੀ ਬੱਸ ਹਰੀਕੇ ਤੋਂ ਅੰਮ੍ਰਿਤਸਰ ਜਾ ਰਹੀ ਸੀ। ਨੌਸ਼ਹਿਰਾ ਪੰਨੂਆਂ ਨੇੜੇ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਦਾ ਸੰਤੁਲਨ ਵਿਗੜ ਗਿਆ। ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਸਿੱਧੀ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ।
ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ
ਮੁੱਢਲੀ ਜਾਣਕਾਰੀ ਮੁਤਾਬਕ, ਇੱਕ ਬੱਸ ਦੇ ਸਾਹਮਣੇ ਅਚਾਨਕ ਮੋਟਰਸਾਈਕਲ ਸਵਾਰ ਆ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਡਰਾਈਵਰ ਬੱਸ ’ਤੇ ਕਾਬੂ ਨਹੀਂ ਰੱਖ ਸਕਿਆ ਅਤੇ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਪਹੁੰਚੀ। ਉੱਥੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਉਸ ਦੀ ਟੱਕਰ ਹੋ ਗਈ। ਇੱਕ ਬੱਸ ਵਿੱਚ ਕਰੀਬ 37 ਸ਼ਰਧਾਲੂ ਸਵਾਰ ਸਨ, ਜੋ ਫਿਰੋਜ਼ਪੁਰ ਤੋਂ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਗਏ ਸਨ। ਦੂਜੀ ਬੱਸ ਵਿੱਚ ਕਰੀਬ 50 ਯਾਤਰੀ ਸਵਾਰ ਦੱਸੇ ਗਏ ਹਨ। ਚਸ਼ਮਦੀਦਾਂ ਮੁਤਾਬਕ, ਦੋਵੇਂ ਬੱਸਾਂ ਦੀ ਟੱਕਰ ਸਮੇਂ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ।
ਹਾਦਸੇ ਤੋਂ ਬਾਅਦ ਮਚੀ ਚੀਕ-ਚਿਹਾੜੀ
ਟੱਕਰ ਤੋਂ ਬਾਅਦ ਬੱਸਾਂ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜੀ ਮਚ ਗਈ। ਸਥਾਨਕ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਬੱਸਾਂ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਵਿੱਚ ਜੁਟ ਗਏ। ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ।
ਸਿਵਲ ਹਸਪਤਾਲ ਵਿੱਚ ਐਮਰਜੈਂਸੀ ਐਲਾਨੀ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਐਲਾਨ ਦਿੱਤੀ। ਸਾਰੀਆਂ ਐਂਬੂਲੈਂਸਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਅਤੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਨੂੰ ਬੁਲਾਇਆ ਗਿਆ। ਡਾ. ਮੁਮਤਾਜ ਮੁਤਾਬਕ, ਹਸਪਤਾਲ ਵਿੱਚ ਹੁਣ ਤੱਕ 5 ਮ੍ਰਿਤਕਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ। ਹਾਦਸੇ ਵਿੱਚ ਜ਼ਖ਼ਮੀ 12 ਪੁਰਸ਼ਾਂ ਅਤੇ 9 ਔਰਤਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 4 ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਚਾਰ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਇੱਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਫਿਲਹਾਲ ਮ੍ਰਿਤਕਾਂ ਦੀ ਪਛਾਣ ਸਾਹਮਣੇ ਨਹੀਂ ਆਈ ਹੈ।
ਜਾਮ ਵਿੱਚ ਫਸੀਆਂ ਤਿੰਨ ਐਂਬੂਲੈਂਸਾਂ
ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੌਰਾਨ ਸੜਕ ’ਤੇ ਟ੍ਰੈਫਿਕ ਜਾਮ ਲੱਗ ਗਿਆ, ਜਿਸ ਕਾਰਨ ਤਿੰਨ ਐਂਬੂਲੈਂਸਾਂ ਵੀ ਜਾਮ ਵਿੱਚ ਫਸ ਗਈਆਂ। ਇਸ ਨਾਲ ਰਾਹਤ ਕਾਰਜਾਂ ਵਿੱਚ ਮੁਸ਼ਕਲ ਆਈ।
ਗਾਈਡ ਨੇ ਦੱਸਿਆ ਕਿਵੇਂ ਵਾਪਰਿਆ ਹਾਦਸਾ
ਯਾਤਰੀਆਂ ਦੇ ਨਾਲ ਸਰਕਾਰ ਵੱਲੋਂ ਭੇਜੇ ਗਏ ਫਰੀਦਕੋਟ ਵਾਸੀ ਗਾਈਡ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਪਿੰਡ ਵਾਪਸ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਇੱਕ ਮੋਟਰਸਾਈਕਲ ਸਵਾਰ ਬੱਸ ਦੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਲਈ ਡਰਾਈਵਰ ਨੇ ਬੱਸ ਦੂਜੇ ਪਾਸੇ ਮੋੜੀ, ਜਿਸ ਦੌਰਾਨ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟੱਕਰ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਵਾਪਰੇ ਬੱਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।





