ਪਰਵਿੰਦਰ ਝੋਟਾ ਦਾ ਸ਼ਰਧਾਂਜਲੀ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ, ਤਿਆਰੀਆਂ ਮੁਕੰਮਲ

Top Trending News ਪੰਜਾਬ

 

ਪਰਵਿੰਦਰ ਝੋਟਾ ਦਾ ਸ਼ਰਧਾਂਜਲੀ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ, ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ 15 ਨਵੰਬਰ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਸ਼ਹੀਦ ਐਲਾਨੇ ਗਏ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਏ ਜਾ ਰਹੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪਰਵਿੰਦਰ ਸਿੰਘ ਨਮਿਤ ਬਣਾਈ ਗਈ ਕਾਰਜਕਾਰੀ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਭਰ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਸੰਗਤ ਦੀ ਸਹੂਲਤ ਅਤੇ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਪਰਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ ਜਾਵੇਗਾ। ਇਸ ਮੌਕੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਾਂਝਾ ਸੰਘਰਸ਼ ਜਾਰੀ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਯਤਨ ਕਰਨ ਦਾ ਸੰਕਲਪ ਵੀ ਲਿਆ ਜਾਵੇਗਾ।

ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਫ਼ੌਜੀ, ਨਸ਼ਾ ਵਿਰੋਧੀ ਕਾਰਜਬਲ ਦੇ ਆਗੂ ਅਮਨਦੀਪ ਸਿੰਘ ਪਟਵਾਰੀ ਅਤੇ ਗਗਨਦੀਪ ਸਿੰਘ ਸਿਰਸੀਵਾਲਾ ਨੇ ਪੰਜਾਬ ਵਾਸੀਆਂ ਨੂੰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।