ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ‘ਚ ਆਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ

Top Trending News ਪੰਜਾਬ

 

ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ‘ਚ ਆਈ Shiromani Committee ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ 2026- ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Committee) ਦੀ ਹੋਂਦ ਸਥਾਪਤ ਕੀਤੀ ਸੀ। ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ ਮਾਣ ਵਾਲੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਸਿਰਫ਼ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਦਾ ਹੀ ਸੁਪਨਾ ਨਹੀਂ ਲਿਆ ਸੀ, ਸਗੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਘਰ-ਘਰ ਪਹੁੰਚਾਉਣ ਅਤੇ ਸਿੱਖ ਕੌਮ ਦੀ ਧਾਰਮਿਕ, ਸਮਾਜਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਵੀ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਕੌਮ ਦਾ ਫ਼ਰਜ਼ ਹੈ ਕਿ ਉਨ੍ਹਾਂ ਮਹਾਨ ਬਜ਼ੁਰਗਾਂ ਦੀ ਸੋਚ ਅਤੇ ਘਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ ਅਤੇ ਇਸ ਸੰਸਥਾ ਦੀਆਂ ਸੇਵਾਵਾਂ ਨੂੰ ਹੋਰ ਵਿਸ਼ਾਲ ਕਰਨ ਲਈ ਸਮਰਪਿਤ ਭਾਵਨਾ ਨਾਲ ਕਾਰਜ ਕਰੀਏ।

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਾਡੀ ਵਿਰਾਸਤ ਹਨ ਅਤੇ ਇਨ੍ਹਾਂ ਦੀ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਸੰਭਾਲ ਕਰਨਾ ਸਾਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ’ਤੇ ਸੇਵਾ ਮਿਲਣਾ ਵੱਡੇ ਮਾਣ ਦੀ ਗੱਲ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਕੁਰਬਾਨੀਆਂ ਕਰਨ ਵਾਲਿਆਂ ਦੀ ਭਾਵਨਾ ਨੂੰ ਧਿਆਨ ਵਿਚ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਆਖਿਆ ਕਿ ਇਹ ਮਹਾਨ ਸੰਸਥਾ ਸੇਵਾ ਅਤੇ ਰੁਜ਼ਗਾਰ ਦਾ ਸੁਮੇਲ ਬਣ ਕੇ ਹਜ਼ਾਰਾਂ ਪਰਿਵਾਰਾਂ ਦਾ ਸਹਾਰਾ ਬਣੀ ਹੋਈ ਹੈ। ਇਥੇ ਸਮਰਪਿਤ ਹੋ ਕੇ ਸੇਵਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ।

ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾਂ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ. ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।