ਪੰਜਾਬ ਕਾਂਗਰਸ ’ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਹਨ ਦੋ ਟਿਕਟਾਂ: ਪਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ

Top Trending News ਪੰਜਾਬ
  • ਪੰਜਾਬ ਕਾਂਗਰਸ ’ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਹਨ ਦੋ ਟਿਕਟਾਂ: ਪਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਪਰਗਟ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਨੂੰ ਵੀ ਟਿਕਟ ਦਿੱਤੀ ਜਾ ਸਕਦੀ ਹੈ। ਇੱਕ ਮੀਡੀਆ ਹਾਊਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਸਮੇਂ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਅਤੇ ਭਰੋਸੇਯੋਗਤਾ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।

ਪਰਗਟ ਸਿੰਘ ਮੁਤਾਬਕ ਪਾਰਟੀ ਵਿੱਚ ਉਮੀਦਵਾਰਾਂ ਦੀ ਚੋਣ ਲਈ ਨਿਰਧਾਰਤ ਪ੍ਰਕਿਰਿਆ ਹੈ ਅਤੇ ਕਈ ਫੈਸਲੇ ਪਾਰਟੀ ਦੀ ਨੀਤੀ ’ਤੇ ਨਿਰਭਰ ਕਰਦੇ ਹਨ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਜੇਕਰ ਇੱਕੋ ਪਰਿਵਾਰ ਦੇ ਦੋ ਮੈਂਬਰ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹੋਣ ਤਾਂ ਕੀ ਦੋਵਾਂ ਨੂੰ ਟਿਕਟ ਮਿਲ ਸਕਦੀ ਹੈ, ਤਾਂ ਉਨ੍ਹਾਂ ਨੇ ਹਾਂ ਵਿੱਚ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ’ਤੇ ਅਜਿਹਾ ਕਰਨ ਵਿੱਚ ਕੋਈ ਦਿੱਕਤ ਨਹੀਂ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਇੱਕ ਪਰਿਵਾਰ ਨੂੰ ਇੱਕ ਟਿਕਟ ਦੇਣ ਦੀ ਗੱਲ ਕਹਿ ਚੁੱਕੇ ਹਨ।

ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣ ਲੜਾਉਣ ਦਾ ਫੈਸਲਾ ਕਮੇਟੀ ਕਰੇਗੀ
ਆਮ ਆਦਮੀ ਪਾਰਟੀ ਵੱਲੋਂ ਆਪਣੇ ਦੋ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਬਾਰੇ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਤੁਲਨਾ ‘ਆਪ’ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣ ਲੜਾਉਣਾ ਹੈ ਜਾਂ ਨਹੀਂ, ਇਸ ਬਾਰੇ ਫੈਸਲਾ ਸਬੰਧਤ ਕਮੇਟੀ ਹੀ ਕਰੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਸਰਵੇ ਵੀ ਕਰਵਾਇਆ ਜਾ ਰਿਹਾ ਹੈ।

ਤ੍ਰਿਪਤ ਬਾਜਵਾ ਨੇ ਕਿਹਾ- ਟਿਕਟਾਂ ਵੰਡਣ ਸਮੇਂ ਨਵੇਂ ਪ੍ਰਧਾਨ ਦੀ ਰਾਇ ਸੁਣੀ ਜਾਵੇ
ਕਾਂਗਰਸੀ ਆਗੂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਇੱਕ ਪਰਿਵਾਰ ਦੇ ਦੋ ਮੈਂਬਰਾਂ ਨੂੰ ਟਿਕਟ ਦੇਣ ਦੀ ਸੰਭਾਵਨਾ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟਿਕਟਾਂ ਕੋਈ ਰਿਉੜੀਆਂ ਨਹੀਂ ਹਨ, ਸਗੋਂ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਦੇ ਆਧਾਰ ’ਤੇ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਬਾਜਵਾ ਮੁਤਾਬਕ ਜੇਕਰ ਕਿਸੇ ਪਰਿਵਾਰ ਦਾ ਕਾਂਗਰਸ ਨਾਲ ਪੁਰਾਣਾ ਸਬੰਧ ਹੈ ਅਤੇ ਉਸ ਦੇ ਦੋ ਮੈਂਬਰ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹਨ ਤਾਂ ਉਨ੍ਹਾਂ ਦੀ ਰਾਜਨੀਤਿਕ ਪਿਛੋਕੜ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਕੋਈ ਵਿਅਕਤੀ ਅਕਾਲੀ ਦਲ ਜਾਂ ਭਾਜਪਾ ਤੋਂ ਆ ਕੇ ਦੋ ਟਿਕਟਾਂ ਹਾਸਲ ਕਰ ਲਵੇ।

ਸਾਬਕਾ ਪ੍ਰਧਾਨ ਰਾਜਾ ਵੜਿੰਗ ਦੇ ਇੱਕ ਪਰਿਵਾਰ-ਇੱਕ ਟਿਕਟ ਵਾਲੇ ਬਿਆਨ ਬਾਰੇ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਦਾ ਸਤਿਕਾਰ ਹੈ, ਪਰ ਹੁਣ ਪਾਰਟੀ ਦੇ ਨਵੇਂ ਪ੍ਰਧਾਨ ਦੀ ਰਾਇ ਵੀ ਸੁਣੀ ਜਾਣੀ ਚਾਹੀਦੀ ਹੈ।