ਵੱਡੀ ਖ਼ਬਰ: ਨਿਤਿਨ ਗਡਕਰੀ ਲੈਣਗੇ ਸਿਆਸਤ ਤੋਂ ਸੰਨਿਆਸ? ਪੜ੍ਹੋ ਕੇਂਦਰੀ ਮੰਤਰੀ ਦਾ ਬਿਆਨ
ਨਵੀਂ ਦਿੱਲੀ 16 ਨਵੰਬਰ 2026
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਸਿਆਸਤ ਤੋਂ ਸੰਨਿਆਸ ਲੈਣ ਅਤੇ ਕੇਂਦਰੀ ਮੰਤਰੀ ਮੰਡਲ ਛੱਡਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਅਤੇ ਗ਼ਲਤ ਜਾਣਕਾਰੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
17ਵੀਂ ‘ਐਗਰੋਵਿਜ਼ਨ’ ਖੇਤੀ ਪ੍ਰਦਰਸ਼ਨੀ ਦੇ ਐਲਾਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਡਕਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ ਇਹ ਗੱਲ ਆਖੀ ਸੀ ਕਿ ਹੁਣ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਆਉਣਾ ਚਾਹੀਦਾ ਹੈ। ਪਰ ਉਨ੍ਹਾਂ ਦੇ ਇਸ ਬਿਆਨ ਦਾ ਗ਼ਲਤ ਅਰਥ ਕੱਢਿਆ ਗਿਆ ਅਤੇ ਮੀਡੀਆ ਤੇ ਸਮਾਜਿਕ ਮਾਧਿਅਮਾਂ ’ਤੇ ਇਹ ਚਰਚਾ ਸ਼ੁਰੂ ਹੋ ਗਈ ਕਿ ਉਹ ਕੇਂਦਰੀ ਮੰਤਰੀ ਮੰਡਲ ਛੱਡ ਕੇ ਸਿਆਸਤ ਤੋਂ ਸੰਨਿਆਸ ਲੈਣ ਜਾ ਰਹੇ ਹਨ।
ਗਡਕਰੀ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਚਰਚਾਵਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ, ‘‘ਮੀਡੀਆ ਆਪਣਾ ਕੰਮ ਕਰਦਾ ਰਹੇ ਅਤੇ ਮੈਂ ਆਪਣਾ ਕੰਮ ਕਰਦਾ ਰਹਾਂਗਾ।’’ ਇਸ ਤਰ੍ਹਾਂ ਉਨ੍ਹਾਂ ਨੇ ਸਿਆਸਤ ਤੋਂ ਸੰਨਿਆਸ ਲੈਣ ਅਤੇ ਮੰਤਰੀ ਮੰਡਲ ਛੱਡਣ ਸਬੰਧੀ ਚੱਲ ਰਹੀਆਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ।





