Punjab News: ਸਕੂਲ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ
ਮਾਛੀਵਾੜਾ ਸਾਹਿਬ, 16 ਨਵੰਬਰ 2026: ਮਾਛੀਵਾੜਾ ਸਾਹਿਬ ਵਿੱਚ ਸਥਾਨਕ ਪੁਲਿਸ ਥਾਣੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਰਣਜੋਤ ਸਿੰਘ (18), ਵਾਸੀ ਪਿੰਡ ਜੀਵਨਪੁਰ ਦੀ ਮੌਤ ਹੋ ਗਈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ ਰਣਜੋਤ ਸਿੰਘ ਜਦੋਂ ਮਾਛੀਵਾੜਾ ਥਾਣੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਵਿੱਚ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਮਾਛੀਵਾੜਾ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਦੇ ਫੋਰਟਿਸ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੁੱਤਰ ਦੀ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਥਾਣਾ ਮੁਖੀ ਚਰਨਜੀਤ ਸਿੰਘ ਅਨੁਸਾਰ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪਰਿਵਾਰ ਦੇ ਬਿਆਨਾਂ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਲਜ਼ਮ ਮੋਟਰਸਾਈਕਲ ਸਵਾਰਾਂ ਦੀ ਭਾਲ ਕਰ ਰਹੀ ਹੈ। ਚਸ਼ਮਦੀਦਾਂ ਨੇ ਹਾਦਸੇ ਤੋਂ ਬਾਅਦ ਦਾਅਵਾ ਕੀਤਾ ਕਿ ਮੋਟਰਸਾਈਕਲ ਸਵਾਰ ਨਸ਼ੇ ਦੀ ਹਾਲਤ ਵਿੱਚ ਜਾਪ ਰਹੇ ਸਨ, ਜਿਸ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।





