ਕਥਿਤ ਮਾਈਨਿੰਗ ਮਾਮਲਾ: ਸਾਬਕਾ ADC ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

Top Trending News ਪੰਜਾਬ

 

Former ADC sent to judicial custody for 14 days! ਕਥਿਤ ਮਾਈਨਿੰਗ ਮਾਮਲਾ: ਸਾਬਕਾ ADC ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਜਲੰਧਰ, 16 ਨਵੰਬਰ 2026- ਪਠਾਨਕੋਟ ਵਿੱਚ ਰਾਵੀ ਦਰਿਆ ਨੇੜੇ ਸ਼ਾਮਲਾਤ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਤਬਦੀਲੀ ਅਤੇ ਮਾਈਨਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸੁਣਵਾਈ ਤੋਂ ਬਾਅਦ ਕੁਲਦੀਪ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ (Former ADC sent to judicial custody for 14 days) ਵਿੱਚ ਭੇਜ ਦਿੱਤਾ ਗਿਆ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਜਾਂਚ ਅਨੁਸਾਰ, ਦੋਵਾਂ ਮੁਲਜ਼ਮਾਂ ’ਤੇ ਪਠਾਨਕੋਟ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਰਾਵੀ ਦਰਿਆ ਦੇ ਨਾਲ ਲੱਗਦੀ 92 ਏਕੜ ਸ਼ਾਮਲਾਤ ਜ਼ਮੀਨ ਨੂੰ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰਵਾਉਣ ਅਤੇ ਇਸ ਤੋਂ ਬਾਅਦ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹਨ।

ਈ.ਡੀ. ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਕਰੀਬ 367 ਕਰੋੜ ਰੁਪਏ ਦਾ ਗਬਨ ਕੀਤਾ ਗਿਆ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ 1.75 ਕਰੋੜ ਰੁਪਏ ਦੀ ਨਕਦੀ ਬਰਾਮਦ ਕਰਨ ਅਤੇ ਮੁਲਜ਼ਮਾਂ ਨਾਲ ਸਬੰਧਤ 31 ਬੈਂਕ ਖਾਤੇ ਫ੍ਰੀਜ਼ ਕਰਨ ਦੀ ਜਾਣਕਾਰੀ ਦਿੱਤੀ ਹੈ। ਇਹ ਜਾਂਚ ਵਿਜੀਲੈਂਸ ਬਿਊਰੋ ਵੱਲੋਂ 9 ਅਗਸਤ 2023 ਨੂੰ ਦਰਜ ਐੱਫ.ਆਈ.ਆਰ. ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ।