Breaking: ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੀ ਮੰਗ, ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ 16 ਨਵੰਬਰ 2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਅਤੇ ਹੋਰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦਿਵਾਉਣ ਵਾਸਤੇ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਾ ਅਤੇ ਚਚੇਰੇ ਭਰਾ ਲਈ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ।
ਅਦਾਲਤ ਨੇ ਇਨ੍ਹਾਂ ਅਰਜ਼ੀਆਂ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਕਾਰ ਵੱਲੋਂ ਮੰਗਲਵਾਰ ਨੂੰ ਜਵਾਬ ਦਾਖ਼ਲ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਅਦਾਲਤ ਅਗਲੀ ਸੁਣਵਾਈ ਕਰੇਗੀ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਮਾਨ ਅਨੁਸਾਰ, ਪਹਿਲਾਂ 13 ਨਵੰਬਰ ਨੂੰ ਦਿੱਤਾ ਗਿਆ ਤਿੰਨ ਘੰਟਿਆਂ ਦੀ ਅੰਤਰਿਮ ਜ਼ਮਾਨਤ ਦਾ ਹੁਕਮ 14 ਨਵੰਬਰ ਨੂੰ ਬੇਅਸਰ ਹੋ ਗਿਆ ਸੀ। ਇਸ ਲਈ ਨਵੇਂ ਸਿਰੇ ਤੋਂ ਅਰਜ਼ੀ ਦਾਇਰ ਕਰਨੀ ਪਈ।
ਨਵੀਂ ਅਰਜ਼ੀ ਵਿੱਚ 21 ਤੋਂ 23 ਨਵੰਬਰ ਤੱਕ ਅੰਤਰਿਮ ਜ਼ਮਾਨਤ ਮੰਗੀ ਗਈ ਹੈ, ਤਾਂ ਜੋ ਅੰਮ੍ਰਿਤਪਾਲ 21 ਨਵੰਬਰ ਨੂੰ ਸਸਕਾਰ, 22 ਨਵੰਬਰ ਨੂੰ ਫੁੱਲ ਚੁਗਣ ਅਤੇ 23 ਨਵੰਬਰ ਨੂੰ ਸਹਿਜ ਪਾਠ ਦੇ ਭੋਗ ਵਿੱਚ ਸ਼ਾਮਲ ਹੋ ਸਕਣ।
ਇਸੇ ਤਰ੍ਹਾਂ ਬਠਿੰਡਾ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਲਈ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਅਤੇ ਮਾਨਸਾ ਜੇਲ੍ਹ ਵਿੱਚ ਬੰਦ ਚਚੇਰੇ ਭਰਾ ਸੁਖਮਨਪ੍ਰੀਤ ਸਿੰਘ ਲਈ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ।





