Breaking: ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਕਾਇਆ ਬਿੱਲਾਂ ’ਤੇ ਵਿਆਜ ਤੇ ਦੇਰੀ ਨਾਲ ਅਦਾਇਗੀ ਦਾ ਖ਼ਰਚਾ ਮੁਆਫ਼ (ਨੋਟੀਫਿਕੇਸ਼ਨ ਜਾਰੀ)
ਚੰਡੀਗੜ੍ਹ 16 ਨਵੰਬਰ 2026
ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਬਕਾਇਆ ਬਿਜਲੀ ਬਿੱਲਾਂ ਦੀ ਅਦਾਇਗੀ ਲਈ ਇਕਮੁਸ਼ਤ ਨਿਪਟਾਰਾ ਯੋਜਨਾ (ਓਟੀਐੱਸ) ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲਾਂ ’ਤੇ ਲੱਗਣ ਵਾਲਾ ਦੇਰੀ ਨਾਲ ਅਦਾਇਗੀ ਦਾ ਵਾਧੂ ਖ਼ਰਚਾ ਅਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇਗਾ।
ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਯੋਜਨਾ ਦਾ ਲਾਭ ਉਨ੍ਹਾਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲੇਗਾ, ਜਿਨ੍ਹਾਂ ਦੇ ਬਿਜਲੀ ਬਿੱਲ 31 ਮਾਰਚ 2026 ਤੱਕ ਬਕਾਇਆ ਹਨ। ਯੋਗ ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਲਈ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ।
ਸਰਕਾਰ ਦਾ ਦਾਅਵਾ ਹੈ ਕਿ ਇਸ ਯੋਜਨਾ ਨਾਲ ਸੂਬੇ ਦੇ ਲਗਭਗ 24.86 ਲੱਖ ਘਰੇਲੂ ਬਿਜਲੀ ਖਪਤਕਾਰਾਂ ਨੂੰ ਸਿੱਧਾ ਲਾਭ ਮਿਲੇਗਾ।
ਇਸ ਪਹਿਲਕਦਮੀ ਦਾ ਉਦੇਸ਼ ਬਕਾਇਆ ਬਿਜਲੀ ਬਿੱਲਾਂ ਦੀ ਅਦਾਇਗੀ ਵਿੱਚ ਖਪਤਕਾਰਾਂ ਨੂੰ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਵਾਧੂ ਵਿੱਤੀ ਬੋਝ ਤੋਂ ਮੁਕਤ ਕਰਨਾ ਹੈ।





