ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਤੋਂ ਕਰਨਗੇ 2,558 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

Top Trending News ਪੰਜਾਬ

 

ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਤੋਂ ਕਰਨਗੇ 2,558 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਜਲੰਧਰ ਤੋਂ ਸ਼ੁਰੂ ਹੋ ਕੇ ਸੱਤ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ’ਚੋਂ ਲੰਘੇਗੀ ਯਾਤਰਾ

ਚੰਡੀਗੜ੍ਹ, 16 ਨਵੰਬਰ 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2,558 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ 18 ਨਵੰਬਰ ਨੂੰ ਜਲੰਧਰ ਦੇ ਪਿੰਡ ਰਾਏਪੁਰ ਤੋਂ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਯਾਤਰਾ ਦਾ ਮਕਸਦ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰਤਾ, ਭਗਤੀ, ਸਮਾਜਿਕ ਸਦਭਾਵਨਾ ਤੇ ਮਾਨਵਤਾ ਦੇ ਸੰਦੇਸ਼ ਨੂੰ ਦੇਸ਼ ਦੇ ਦੋ ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।

ਪੰਜਾਬ ਵਿੱਚ ਇਹ ਯਾਤਰਾ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘੇਗੀ। ਪੰਜਾਬ ਵਿੱਚ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚ ਲਗਭਗ 700 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।

ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਵਿੱਚੋਂ ਲੰਘੇਗੀ। ਇਸ ਦੌਰਾਨ 29 ਵੱਡੀਆਂ ਜਨ ਸਭਾਵਾਂ ਅਤੇ 27 ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਏ ਜਾਣਗੇ। ਯਾਤਰਾ ਦੀ ਸਮਾਪਤੀ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਹੋਵੇਗੀ।