ਪੱਤਰਕਾਰੀ ਜਗਤ ਨੂੰ ਵੱਡਾ ਸਦਮਾ: ‘ਦਲੇਰ ਖਾਲਸਾ’ ਦੇ ਸੰਪਾਦਕ ਅਮਰਜੀਤ ਸਿੰਘ ਭਾਟੀਆ ਦਾ ਦੇਹਾਂਤ
ਅੰਮ੍ਰਿਤਸਰ, 17 ਨਵੰਬਰ 2026: ਪੰਜਾਬ ਦੇ ਪੱਤਰਕਾਰੀ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਸੀਨੀਅਰ ਪੱਤਰਕਾਰ ਅਤੇ ਸਪਤਾਹਿਕ ਅਖ਼ਬਾਰ ‘ਦਲੇਰ ਖਾਲਸਾ’ ਦੇ ਸੰਪਾਦਕ ਅਮਰਜੀਤ ਸਿੰਘ ਭਾਟੀਆ ਦਾ ਦੇਹਾਂਤ ਹੋ ਗਿਆ। ਉਹ ਕਰੀਬ 72 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਪੱਤਰਕਾਰ ਭਾਈਚਾਰੇ ਅਤੇ ਸਾਹਿਤਕ ਤੇ ਸਮਾਜਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਅਮਰਜੀਤ ਸਿੰਘ ਭਾਟੀਆ ਨੇ ਲੰਮਾ ਸਮਾਂ ਪੱਤਰਕਾਰੀ ਦੇ ਖੇਤਰ ਵਿੱਚ ਸੇਵਾਵਾਂ ਨਿਭਾਈਆਂ ਅਤੇ ‘ਦਲੇਰ ਖਾਲਸਾ’ ਦੇ ਸੰਪਾਦਕ ਵਜੋਂ ਆਪਣੀ ਵੱਖਰੀ ਪਛਾਣ ਬਣਾਈ।
ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਜੱਸੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਅੰਤਿਮ ਸਸਕਾਰ 17 ਨਵੰਬਰ ਨੂੰ ਬਾਅਦ ਦੁਪਹਿਰ 2 ਵਜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਇਸ ਦੁੱਖ ਦੀ ਘੜੀ ਵਿੱਚ ਪ੍ਰੈੱਸ ਕਲੱਬ ਆਫ਼ ਅੰਮ੍ਰਿਤਸਰ ਦੇ ਅਹੁਦੇਦਾਰਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੇ ਭਾਟੀਆ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਦੇ ਵਿਛੋੜੇ ਨੂੰ ਪੱਤਰਕਾਰੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।





