ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 15 ਕਰੋੜ ਦੀ ਹੈਰੋਇਨ ਅਤੇ ਅਸਲੇ ਸਮੇਤ ਤਸਕਰ ਗ੍ਰਿਫ਼ਤਾਰ
ਅਜਨਾਲਾ (ਅੰਮ੍ਰਿਤਸਰ), 17 ਨਵੰਬਰ 2026- ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 3 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸਐੱਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਹੋਏ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਾਕੂ ਸਿੰਘ, ਵਾਸੀ ਪਿੰਡ ਸਹਿਜਾਦਾ, ਰਮਦਾਸ ਵਜੋਂ ਹੋਈ ਹੈ। ਪੁਲਿਸ ਅਨੁਸਾਰ ਉਸ ਕੋਲੋਂ ਤਿੰਨ ਪਿਸਤੌਲ, ਮੈਗਜ਼ੀਨ ਅਤੇ 90 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਐੱਸਐੱਚਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਹੋਰ ਸੰਭਾਵਿਤ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।





