ਅਕਾਲੀ ਦਲ ਪੁਨਰ ਸੁਰਜੀਤ ਅਤੇ ‘ਵਾਰਸ ਪੰਜਾਬ ਦੇ’ ਵਿਚਾਲੇ ਗਠਜੋੜ ਜਲਦ- ਪਰਮਿੰਦਰ ਢੀਂਡਸਾ ਨੇ ਕੀਤਾ ਵੱਡਾ ਖੁਲਾਸਾ
ਚੰਡੀਗੜ੍ਹ, 17 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚਾਲੇ ਏਕਤਾ ਦਾ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ ਅਤੇ ਅਗਲੇ ਦਿਨਾਂ ਵਿੱਚ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।
ਢੀਂਡਸਾ ਨੇ ਕਿਹਾ ਕਿ MLA ਮਨਪ੍ਰੀਤ ਸਿੰਘ ਇਆਲੀ ਵੱਲੋਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਆਲੀ ਦੀ ਉਸਾਰੂ ਸੋਚ ਸਦਕਾ ਦੋਵਾਂ ਧਿਰਾਂ ਦੇ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਪੰਥਕ ਤਾਕਤਾਂ ਦਾ ਇਕ ਮੰਚ ’ਤੇ ਆਉਣਾ ਬੇਹੱਦ ਜ਼ਰੂਰੀ ਹੈ। ਢੀਂਡਸਾ ਮੁਤਾਬਕ ਇਕਜੁੱਟ ਹੋ ਕੇ ਹੀ ਪੰਜਾਬ ਵਿਰੋਧੀ ਤਾਕਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ।
ਇਸ ਸੰਭਾਵਿਤ ਗਠਜੋੜ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਹੋਣ ਦੇ ਆਸਾਰ ਹਨ। ਹੁਣ ਸਭ ਦੀਆਂ ਨਜ਼ਰਾਂ ਅਗਲੇ ਇੱਕ-ਦੋ ਦਿਨਾਂ ਵਿੱਚ ਹੋਣ ਵਾਲੇ ਰਸਮੀ ਐਲਾਨ ’ਤੇ ਟਿਕੀਆਂ ਹੋਈਆਂ ਹਨ।





