ਭਾਜਪਾ ਦੇ ਕੌਮੀ ਪ੍ਰਧਾਨ Nitin Nabin ਅੱਜ ਜਲੰਧਰ ਪਹੁੰਚਣਗੇ, ‘ਸਮਰਸਤਾ ਸੰਕਲਪ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ
ਜਲੰਧਰ, 18 ਨਵੰਬਰ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ (Nitin Nabin) ਅੱਜ ਜਲੰਧਰ ਦੇ ਦੌਰੇ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪਾਰਟੀ ਵੱਲੋਂ ਸ਼ੁਰੂ ਕੀਤੀ ਜਾ ਰਹੀ 16 ਦਿਨਾਂ ਦੀ ‘ਸਮਰਸਤਾ ਸੰਕਲਪ ਯਾਤਰਾ’ ਦਾ ਆਗਾਜ਼ ਕਰਨਗੇ। ਇਹ ਯਾਤਰਾ ਸੱਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਕਾਸ਼ੀ ਵਿਖੇ ਸਮਾਪਤ ਹੋਵੇਗੀ।
ਨਿਰਧਾਰਤ ਪ੍ਰੋਗਰਾਮ ਮੁਤਾਬਕ ਨਿਤਿਨ ਨਬੀਨ ਦੁਪਹਿਰ 1:10 ਵਜੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਵਿੱਚ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਦੁਪਹਿਰ 1:35 ਵਜੇ ਨੇੜਲੇ ਪਿੰਡ ਰਾਏਪੁਰ ਵਿਖੇ ਜਾਣਗੇ, ਜਿੱਥੇ ਯਾਤਰਾ ਨੂੰ ਹਰੀ ਝੰਡੀ ਦਿਖਾਉਣ ਦੇ ਨਾਲ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ।
ਇਸ ਉਪਰੰਤ ਦੁਪਹਿਰ 2:55 ਵਜੇ ਉਹ ਸੰਤ ਸਮਾਜ ਨਾਲ ਭੋਜਨ ਕਰਨਗੇ ਅਤੇ ਵਿਸ਼ੇਸ਼ ਸੰਵਾਦ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ।
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਰਾਸ਼ਟਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਦੀ ਸ਼ੁਰੂਆਤ 29 ਜੁਲਾਈ 2026 ਨੂੰ ਕਾਸ਼ੀ ਤੋਂ ਕੀਤੀ ਗਈ ਸੀ। ਨਿਤਿਨ ਨਬੀਨ ਦਾ ਇਹ ਦੌਰਾ ਪੰਜਾਬ ਵਿੱਚ ਭਾਜਪਾ ਦੀਆਂ ਸਰਗਰਮੀਆਂ ਦੇ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ।





