ਮੌਸਮ ਦਾ ਬਦਲੇਗਾ ਮਿਜ਼ਾਜ: 10 ਸੂਬਿਆਂ ’ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ’ਚ ਛਾਏਗੀ ਸੰਘਣੀ ਧੁੰਦ
ਨਵੀਂ ਦਿੱਲੀ, 18 ਨਵੰਬਰ 2026: ਦੇਸ਼ ਦੇ ਕਈ ਹਿੱਸਿਆਂ ਵਿੱਚ ਸਰਦੀ ਦਾ ਪ੍ਰਕੋਪ ਹੌਲੀ-ਹੌਲੀ ਵਧਣ ਲੱਗਾ ਹੈ। ਇਸ ਦੌਰਾਨ ਬੰਗਾਲ ਦੀ ਖਾੜੀ ਵਿੱਚ ਉੱਠੇ ਚੱਕਰਵਾਤੀ ਤੂਫ਼ਾਨ ‘ਅਕਵਾਨ’ ਕਾਰਨ ਦੱਖਣੀ ਅਤੇ ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਵਿਗੜਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 18 ਨਵੰਬਰ ਨੂੰ 10 ਸੂਬਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ, ਚੱਕਰਵਾਤ 19 ਨਵੰਬਰ ਦੁਪਹਿਰ ਤੱਕ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਤੱਟੀ ਇਲਾਕਿਆਂ ਵਿੱਚ ਨੇੱਲੋਰ ਤੇ ਟੂਨੀ ਦਰਮਿਆਨ ਟਕਰਾਅ ਸਕਦਾ ਹੈ। ਇਸ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਤੇਲੰਗਾਨਾ ਅਤੇ ਓਡੀਸ਼ਾ ਦੇ ਤੱਟਵਰਤੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੱਛਮੀ ਬੰਗਾਲ ਤੱਕ ਵੀ ਪਹੁੰਚ ਸਕਦਾ ਹੈ।
ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 120 ਤੋਂ 130 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਅਤੇ ਕੁਝ ਸਮੇਂ ਲਈ 145 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦਾ ਖ਼ਦਸ਼ਾ ਹੈ।
ਉੱਧਰ, ਉੱਤਰੀ ਭਾਰਤ ਵਿੱਚ ਠੰਢ ਅਤੇ ਧੁੰਦ ਦਾ ਅਸਰ ਵਧੇਗਾ। 19 ਤੋਂ 21 ਨਵੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ। ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਧੁੰਦ ਪੈ ਸਕਦੀ ਹੈ।





