BIG BREAKING- ਅੰਮ੍ਰਿਤਪਾਲ ਦੀ 3 ਘੰਟਿਆਂ ਦੀ ਪੈਰੋਲ ’ਤੇ ਭੜਕੇ ਮਨਪ੍ਰੀਤ ਇਆਲੀ, ਕਿਹਾ- ਚੁਣੇ ਹੋਏ MP ਨੂੰ ਲੋਕਾਂ ਨੂੰ ਮਿਲਣ ਦਾ ਪੂਰਾ ਹੱਕ ਮਿਲੇ
ਚੰਡੀਗੜ੍ਹ, 18 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਮਿਲੀ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਾਰਿਸ ਪੰਜਾਬ ਦੇ ਆਗੂ MLA ਮਨਪ੍ਰੀਤ ਸਿੰਘ ਇਆਲੀ ਨੇ ਪੈਰੋਲ ਦੀ ਮਿਆਦ ਅਤੇ ਇਸ ਨਾਲ ਜੁੜੀਆਂ ਸਖ਼ਤ ਸ਼ਰਤਾਂ ’ਤੇ ਇਤਰਾਜ਼ ਜਤਾਉਂਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਇਆਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਲੋਕਾਂ ਵੱਲੋਂ ਚੁਣੇ ਗਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਨਾਲ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਤਿੰਨ ਘੰਟਿਆਂ ਦੀ ਸੀਮਤ ਪੈਰੋਲ ਦੇਣ ਪਿੱਛੇ ਕੀ ਕਾਰਨ ਹਨ ਅਤੇ ਇਸ ’ਤੇ ਇੰਨੀਆਂ ਪਾਬੰਦੀਆਂ ਕਿਉਂ ਲਗਾਈਆਂ ਗਈਆਂ ਹਨ?
ਉਨ੍ਹਾਂ ਪੰਜਾਬ ਸਰਕਾਰ ਦੇ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਚੁਣੇ ਹੋਏ ਨੁਮਾਇੰਦੇ ਦੇ ਅਧਿਕਾਰਾਂ ਨੂੰ ਸੀਮਤ ਕੀਤਾ ਜਾ ਰਿਹਾ ਹੈ। ਇਆਲੀ ਨੇ ਕਿਹਾ ਕਿ ਸਿੱਖਾਂ ਨਾਲ ਪਹਿਲਾਂ ਵੀ ਅਜਿਹੀਆਂ ਬੇਇਨਸਾਫ਼ੀਆਂ ਹੁੰਦੀਆਂ ਰਹੀਆਂ ਹਨ।





