- ਆਰਬੀਆਈਐਸ ਵੱਲੋਂ ਸਾਈਬਰ ਸੁਰੱਖਿਆ ਅਤੇ ਏਆਈ ਬਾਰੇ ਜਾਗਰੂਕਤਾ ਵਰਕਸ਼ਾਪ
- ਵਿਦਿਆਰਥੀਆਂ ਨੂੰ ਡਿਜੀਟਲ ਸੁਰੱਖਿਆ, ਆਨਲਾਈਨ ਧੋਖਾਧੜੀ ਅਤੇ ਏਆਈ ਦੀ ਜ਼ਿੰਮੇਵਾਰ ਵਰਤੋਂ ਬਾਰੇ ਕੀਤਾ ਜਾਗਰੂਕ
ਮੋਹਾਲੀ, 18 ਨਵੰਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ), ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਡਿਜੀਟਲ ਸਾਖਰਤਾ ਅਤੇ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਈਬਰ ਸੁਰੱਖਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸੀਨੀਅਰ ਵਿਦਿਆਰਥੀਆਂ ਨੇ ਭਾਗ ਲਿਆ।
ਵਰਕਸ਼ਾਪ ਦਾ ਸੰਚਾਲਨ ਸੈਕਿਊਨੀਅਸ ਟੈਕ ਦੇ ਸੰਸਥਾਪਕ ਅਤੇ ਸੀਈਓ ਅਤੇ ਸਾਈਬਰ ਸੁਰੱਖਿਆ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਮਾਹਿਰ ਸ੍ਰੀ ਪਲਵਿੰਦਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿੱਚ ਏਆਈ ਦੀ ਵਧ ਰਹੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਇਸ ਦੇ ਫਾਇਦਿਆਂ ਦੇ ਨਾਲ-ਨਾਲ ਸੰਭਾਵੀ ਖ਼ਤਰਿਆਂ ਅਤੇ ਚੁਣੌਤੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਜੀਟਲ ਤਕਨਾਲੋਜੀ ਦੀ ਸੁਰੱਖਿਅਤ ਵਰਤੋਂ, ਨਿੱਜੀ ਡੇਟਾ ਦੀ ਗੋਪਨੀਯਤਾ, ਆਨਲਾਈਨ ਧੋਖਾਧੜੀ, ਡੀਪਫੇਕ ਅਤੇ ਸਾਈਬਰ ਖ਼ਤਰਿਆਂ ਦੇ ਵੱਖ-ਵੱਖ ਰੂਪਾਂ ਬਾਰੇ ਜਾਗਰੂਕ ਕੀਤਾ। ਇੰਟਰਐਕਟਿਵ ਸੈਸ਼ਨ ਦੌਰਾਨ ਉਨ੍ਹਾਂ ਨੇ ਵਿਹਾਰਕ ਉਦਾਹਰਨਾਂ ਰਾਹੀਂ ਸਮਝਾਇਆ ਕਿ ਕਿਵੇਂ ਨਿੱਜੀ ਜਾਣਕਾਰੀ ਅਤੇ ਈਮੇਲ ਖਾਤਿਆਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਡਿਜੀਟਲ ਪਛਾਣ ਅਤੇ ਸੰਵੇਦਨਸ਼ੀਲ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਲਈ ਅਹਿਮ ਸੁਝਾਅ ਵੀ ਸਾਂਝੇ ਕੀਤੇ।
ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਏਆਈ ਆਧਾਰਿਤ ਸਿੱਖਿਆ ਸਾਧਨਾਂ, ਡਿਜ਼ਾਈਨ ਐਪਲੀਕੇਸ਼ਨਾਂ, ਪਾਸਵਰਡ ਮੈਨੇਜਰਾਂ ਅਤੇ ਆਨਲਾਈਨ ਸੁਰੱਖਿਆ ਐਪਲੀਕੇਸ਼ਨਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਮਜ਼ਬੂਤ ਪਾਸਵਰਡ ਵਰਤਣ, ਕਿਸੇ ਨਾਲ ਵੀ ਓਟੀਪੀ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੋਂ ਬਚਣ ਅਤੇ ਇੰਟਰਨੈੱਟ ‘ਤੇ ਨਿੱਜੀ ਜਾਣਕਾਰੀ ਸਾਂਝੀ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ।
ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਈਬਰ ਸੁਰੱਖਿਆ ਤੇ ਏਆਈ ਦੀ ਜ਼ਿੰਮੇਵਾਰ ਵਰਤੋਂ ਸਬੰਧੀ ਵੱਖ-ਵੱਖ ਸਵਾਲ ਪੁੱਛ ਕੇ ਮਾਹਿਰ ਨਾਲ ਵਿਚਾਰ-ਵਟਾਂਦਰਾ ਕੀਤਾ। ਵਰਕਸ਼ਾਪ ਦੇ ਅੰਤ ਵਿੱਚ ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਹ ਵਰਕਸ਼ਾਪ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਲਾਹੇਵੰਦ ਸਾਬਤ ਹੋਈ, ਜਿਸ ਨੇ ਉਨ੍ਹਾਂ ਨੂੰ ਡਿਜੀਟਲ ਦੁਨੀਆ ਵਿੱਚ ਸੁਰੱਖਿਅਤ, ਸੁਚੇਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।





