ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਅੱਜ; ਸਿਆਸੀ ਹਲਚਲ ਤੇਜ਼

Top Trending News ਪੰਜਾਬ

 

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਅੱਜ; ਸਿਆਸੀ ਹਲਚਲ ਤੇਜ਼

ਅੰਮ੍ਰਿਤਸਰ, 20 ਨਵੰਬਰ, 2026:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਨਵੇਂ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੀ ਸਾਲਾਨਾ ਚੋਣ ਅੱਜ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਕੀਤੀ ਜਾਵੇਗੀ। ਇਸ ਅਹਿਮ ਚੋਣ ਪ੍ਰਕਿਰਿਆ ਨੂੰ ਲੈ ਕੇ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਭਾਰੀ ਉਤਸ਼ਾਹ ਤੇ ਸਰਗਰਮੀ ਵੇਖਣ ਨੂੰ ਮਿਲ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਬੀਤੇ ਕੱਲ੍ਹ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੇ ਨਾਵਾਂ ਦਾ ਫ਼ੈਸਲਾ ਲੈਣ ਦੇ ਪੂਰਨ ਅਧਿਕਾਰ ਸੌਂਪ ਦਿੱਤੇ ਹਨ। ਪਿਛਲੇ ਦੋ ਕਾਰਜਕਾਲਾਂ ਦੇ ਉਲਟ, ਇਸ ਵਾਰ ਸੁਖਬੀਰ ਸਿੰਘ ਬਾਦਲ ਨੇ ਚੋਣ ਤੋਂ ਪਹਿਲਾਂ ਉਮੀਦਵਾਰ ਦੇ ਨਾਂ ਦਾ ਖ਼ੁਲਾਸਾ ਕਰਨ ਤੋਂ ਗੁਰੇਜ਼ ਕੀਤਾ ਹੈ। ਹੁਣ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਸਿੱਧਾ ਇਜਲਾਸ ਦੌਰਾਨ ਮੌਕੇ ‘ਤੇ ਹੀ ਕੀਤਾ ਜਾਵੇਗਾ, ਜਿਸ ਕਾਰਨ ਸਭ ਦੀਆਂ ਨਜ਼ਰਾਂ ਅੱਜ ਦੀ ਇਕੱਤਰਤਾ ‘ਤੇ ਟਿਕੀਆਂ ਹੋਈਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੀਆਂ ਦੋ ਚੋਣਾਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਵਿਰੋਧੀ ਧੜੇ ਵੱਲੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਸਿਆਸੀ ਸਮੀਕਰਨ ਬਦਲ ਚੁੱਕੇ ਹਨ; ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ, ਜਦਕਿ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।