ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਅਗਲੇ ਦੋ ਦਿਨ ਸੰਘਣੀ ਧੁੰਦ ਦਾ ਅਲਰਟ, 18 ਸੂਬਿਆਂ ’ਚ ਮੀਂਹ ਦੀ ਸੰਭਾਵਨਾ

ਹਰਿਆਣਾ ਚੰਡੀਗੜ੍ਹ ਪੰਜਾਬ ਰਾਸ਼ਟਰੀ

 

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਅਗਲੇ ਦੋ ਦਿਨ ਸੰਘਣੀ ਧੁੰਦ ਦਾ ਅਲਰਟ, 18 ਸੂਬਿਆਂ ’ਚ ਮੀਂਹ ਦੀ ਸੰਭਾਵਨਾ

ਨਵੀਂ ਦਿੱਲੀ, 21 ਨਵੰਬਰ 2026: ਦੇਸ਼ ਦੇ ਮੌਸਮ ਵਿੱਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ ਅਤੇ ਠੰਢ ਦਾ ਅਸਰ ਲਗਾਤਾਰ ਵਧਣ ਲੱਗਾ ਹੈ। ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤੀ ਤੂਫ਼ਾਨ ‘ਅਕਵਾਨ’ ਦੇ ਕਮਜ਼ੋਰ ਪੈਣ ਦੇ ਬਾਵਜੂਦ ਇਸ ਦਾ ਪ੍ਰਭਾਵ ਕਈ ਸੂਬਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦੇਸ਼ ਦੇ 18 ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ ਦੋ ਦਿਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਨਾਲ ਸਵੇਰ ਅਤੇ ਰਾਤ ਸਮੇਂ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਦਿੱਲੀ-ਐੱਨਸੀਆਰ ਵਿੱਚ 21 ਅਤੇ 22 ਨਵੰਬਰ ਨੂੰ ਅਸਮਾਨ ਵਿੱਚ ਹਲਕੇ ਬੱਦਲਾਂ ਦੇ ਨਾਲ ਧੁੰਦ ਦੇਖਣ ਨੂੰ ਮਿਲੇਗੀ, ਜਦਕਿ 23 ਨਵੰਬਰ ਨੂੰ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਤੋਂ 15 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਦੱਖਣੀ ਭਾਰਤ ਦੇ ਤਾਮਿਲਨਾਡੂ, ਪੁਡੂਚੇਰੀ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਸਮੇਤ ਕਈ ਇਲਾਕਿਆਂ ਵਿੱਚ 21 ਤੋਂ 26 ਨਵੰਬਰ ਤੱਕ ਵੱਖ-ਵੱਖ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।