Breaking- MP ਅੰਮ੍ਰਿਤਪਾਲ ਪਹੁੰਚੇ ਜੱਦੀ ਪਿੰਡ, ਦਾਦੀ ਦੇ ਅੰਤਿਮ ਸਸਕਾਰ ’ਚ ਹੋਏ ਸ਼ਾਮਲ
ਜੱਲੂਪੁਰ ਖੇੜਾ, 21 ਨਵੰਬਰ 2026: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ, ਜਿੱਥੇ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਆਏ। ਉਨ੍ਹਾਂ ਦੇ ਪਿੰਡ ਪਹੁੰਚਣ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਬੀਤੇ ਦਿਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਸੀ। ਅੰਮ੍ਰਿਤਸਰ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਬੁਲਟਪਰੂਫ ਗੱਡੀ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਆਂਦਾ ਗਿਆ।
ਦਾਦੀ ਦੇ ਦੇਹਾਂਤ ਕਾਰਨ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਪਿੰਡ ਪਹੁੰਚੇ।
ਉਨ੍ਹਾਂ ਦੀ ਆਮਦ ਨੂੰ ਲੈ ਕੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਾਫ਼ੀ ਚਰਚਾ ਰਹੀ। ਪੁਲਿਸ ਵੱਲੋਂ ਪੂਰੀ ਸੁਰੱਖਿਆ ਵਿਵਸਥਾ ਕੀਤੀ ਗਈ ਤਾਂ ਜੋ ਉਨ੍ਹਾਂ ਦੇ ਆਉਣ-ਜਾਣ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।





