ਦਿੱਲੀ ਗੁਰਦੁਆਰਾ ਬੇਅਦਬੀ ਮਾਮਲਾ: ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮੈਂਬਰਾਂ ‘ਤੇ ਵੱਡੀ ਕਾਰਵਾਈ

Top Trending News ਪੰਜਾਬ
  • ਦਿੱਲੀ ਗੁਰਦੁਆਰਾ ਬੇਅਦਬੀ ਮਾਮਲਾ: ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮੈਂਬਰਾਂ ‘ਤੇ ਵੱਡੀ ਕਾਰਵਾਈ

ਅੰਮ੍ਰਿਤਸਰ: 21 ਨਵੰਬਰ (ਦੇਸ਼ ਕਲਿੱਕ ਬਿਊਰੋ): ਤਿਲਕ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ 15 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਸਮੇਤ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਜਥੇਦਾਰ ਦੇ ਆਦੇਸ਼ਾਂ ਅਨੁਸਾਰ, ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਅੰਤਿਮ ਫ਼ੈਸਲਾ ਕੀਤੇ ਜਾਣ ਤੱਕ ਕਿਸੇ ਵੀ ਧਾਰਮਿਕ ਜਾਂ ਪੰਥਕ ਗਤੀਵਿਧੀ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਗੁਰਦੁਆਰਾ ਪ੍ਰਬੰਧ ਚਲਾਉਣ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਹੁਕਮਾਂ ਮੁਤਾਬਕ ਇਹ ਮੈਂਬਰ ਭਵਿੱਖ ਵਿੱਚ ਗੁਰੂ ਘਰ ਵਿਖੇ ਕਿਸੇ ਵੀ ਅਹੁਦੇ ’ਤੇ ਸੇਵਾ ਨਹੀਂ ਨਿਭਾ ਸਕਣਗੇ। ਇਸ ਮਾਮਲੇ ਵਿੱਚ ਸਬੰਧਤ ਪ੍ਰਬੰਧਕ ਅਤੇ ਸ਼ਿਕਾਇਤਕਰਤਾ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਸੁਣਵਾਈ ਦੌਰਾਨ ਜਥੇਦਾਰ ਨੇ ਦੋਵਾਂ ਧਿਰਾਂ ਦੀ ਗੱਲ ਸੁਣੀ ਅਤੇ ਮਾਮਲੇ ਨਾਲ ਜੁੜੇ ਤੱਥਾਂ ਤੇ ਸਪੱਸ਼ਟੀਕਰਨ ਦੀ ਪੜਤਾਲ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਗੰਭੀਰ ਅਣਗਹਿਲੀਆਂ ਅਤੇ ਗਲਤੀਆਂ ਸਾਹਮਣੇ ਆਉਣ ਦੀ ਗੱਲ ਕਹੀ ਗਈ।

ਘਟਨਾ ਦੀ ਪੂਰੀ ਜਾਂਚ ਅਤੇ ਗੁਰਦੁਆਰਾ ਸਾਹਿਬ ਵਿੱਚ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਲਈ ਇੱਕ ਜਾਂਚ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਧਾਰਮਿਕ ਪੜਤਾਲਾਂ ਅਤੇ ਤਲਵੰਡੀ ਸਾਬੋ ਸਥਿਤ ਉਪ-ਦਫ਼ਤਰ ਦੇ ਇੰਚਾਰਜ ਭੋਲਾ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਜਾਂਚ ਕਮੇਟੀ ਨੂੰ 2 ਦਸੰਬਰ 2026 ਤੱਕ ਆਪਣੀ ਪੂਰੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਦੇ ਨਾਲ 15 ਤੋਂ 17 ਨਵੰਬਰ 2026 ਤੱਕ ਦੀ ਗੁਰਦੁਆਰਾ ਸਾਹਿਬ ਦੀ ਸੀਸੀਟੀਵੀ ਫੁਟੇਜ ਵੀ ਜਮ੍ਹਾਂ ਕਰਵਾਈ ਜਾਵੇਗੀ।