Breaking: ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ; ਮ੍ਰਿਤਕਾਂ ’ਚ 3 ਮਾਸੂਮ ਬੱਚੇ ਵੀ ਸ਼ਾਮਲ
ਭੁਜ 22 ਨਵੰਬਰ 2026
ਗੁਜਰਾਤ ਦੇ ਭੁਜ-ਖਾਵੜਾ ਨੈਸ਼ਨਲ ਹਾਈਵੇਅ ’ਤੇ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਪੁਰਸ਼, ਦੋ ਔਰਤਾਂ ਅਤੇ ਤਿੰਨ ਮਾਸੂਮ ਬੱਚੇ ਸ਼ਾਮਲ ਹਨ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟ੍ਰੇਲਰ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ।
ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਉੱਤਰਾਖੰਡ ਨਾਲ ਸਬੰਧਤ ਸੀ। ਪਰਿਵਾਰ ਦਾ ਇੱਕ ਮੈਂਬਰ ਭੁਜ ਵਿੱਚ ਭਾਰਤੀ ਫ਼ੌਜ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ। ਹਾਦਸੇ ਸਮੇਂ ਪਰਿਵਾਰਕ ਮੈਂਬਰਾਂ ਦੇ ਨਾਲ ਕੁਝ ਹੋਰ ਰਿਸ਼ਤੇਦਾਰ ਵੀ ਕਾਰ ਵਿੱਚ ਸਵਾਰ ਸਨ।
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸੜਕ ’ਤੇ ਖਿੱਲਰੀਆਂ ਪਈਆਂ ਸਨ।
ਇੱਕੋ ਪਰਿਵਾਰ ਦੇ ਸੱਤ ਜੀਆਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਖ਼ਾਸ ਕਰਕੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਨੇ ਇਸ ਦਰਦਨਾਕ ਹਾਦਸੇ ਨੂੰ ਹੋਰ ਵੀ ਦੁਖਦਾਈ ਬਣਾ ਦਿੱਤਾ ਹੈ।





