Breaking- MP ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ

Top Trending News ਪੰਜਾਬ ਰਾਸ਼ਟਰੀ

Breaking- MP ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ

ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਹੋਈ ਖ਼ਤਮ, ਸਖ਼ਤ ਸੁਰੱਖਿਆ ਹੇਠ ਅਸਾਮ ਲਿਜਾਇਆ ਗਿਆ

ਚੰਡੀਗੜ੍ਹ, 22 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਿਆ ਹੈ। ਅਦਾਲਤ ਵੱਲੋਂ ਮਿਲੀ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦੀ ਮਿਆਦ ਪੂਰੀ ਹੋਣ ਉਪਰੰਤ ਪੁਲਿਸ ਨੇ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਜੇਲ੍ਹ ਪਹੁੰਚਾਇਆ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਗਈ ਸੀ। ਅਦਾਲਤ ਨੇ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹਾਜ਼ਰ ਰਹਿਣ ਦੀ ਮਨਜ਼ੂਰੀ ਦਿੱਤੀ ਸੀ।

ਅੰਮ੍ਰਿਤਪਾਲ ਸਿੰਘ 20 ਨਵੰਬਰ ਨੂੰ ਡਿਬਰੂਗੜ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਅਗਲੇ ਦਿਨ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਿਆ। ਉੱਥੋਂ ਪੁਲਿਸ ਕਾਫ਼ਲੇ ਨਾਲ ਉਸ ਨੂੰ ਪਿੰਡ ਲਿਜਾਇਆ ਗਿਆ, ਜਿੱਥੇ ਉਸ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦਾਦੀ ਨੂੰ ਅੰਤਿਮ ਵਿਦਾਈ ਦਿੱਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਮਰਥਕ ਮੌਜੂਦ ਸਨ। ਅਦਾਲਤੀ ਸ਼ਰਤਾਂ ਕਾਰਨ ਉਸ ਨੇ ਕੋਈ ਜਨਤਕ ਸੰਬੋਧਨ ਨਹੀਂ ਕੀਤਾ। ਅੰਤਿਮ ਸੰਸਕਾਰ ਦੀਆਂ ਰਸਮਾਂ ਤੋਂ ਬਾਅਦ ਉਸ ਨੂੰ ਵਾਪਸ ਹਵਾਈ ਅੱਡੇ ਲਿਜਾਇਆ ਗਿਆ।

ਅਦਾਲਤੀ ਹੁਕਮਾਂ ਅਨੁਸਾਰ ਉਹ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਦੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਵੇਗਾ।