- ਪਾਰਟੀ ਦੀਆਂ ਰੈਲੀਆਂ ਲਈ ਸਰਕਾਰੀ ਖ਼ਜ਼ਾਨੇ ਅਤੇ ਮਸ਼ੀਨਰੀ ਦੀ ਖੁੱਲ੍ਹੀ ਲੁੱਟ ਕਰ ਰਹੀ ਹੈ ‘ਆਪ’ ਸਰਕਾਰ: ਪਰਗਟ ਸਿੰਘ
- ਸਰਕਾਰੀ ਟਰਾਂਸਪੋਰਟ ਦੀ ਬਜਾਏ ਦੂਜੇ ਸੂਬਿਆਂ ਦੀਆਂ ਬੱਸਾਂ ਰਾਹੀਂ ਤੀਰਥ ਯਾਤਰਾ ਦੇ ਨਾਂ ’ਤੇ ਭਗਵਾਨ ਦੇ ਨਾਂ ਦੀ ਆੜ ਵਿੱਚ ਹੋ ਰਿਹਾ ‘ਮਹਾਂ ਘੁਟਾਲਾ’
- ਰੈਲੀ ਲਈ 2500 ਤੋਂ ਵੱਧ ਸਰਕਾਰੀ ਬੱਸਾਂ ਲਗਾਈਆਂ, ਰੋਡਵੇਜ਼-ਪੀ.ਆਰ.ਟੀ.ਸੀ. ਨੂੰ ਕਰੋੜਾਂ ਰੁਪਏ ਦਾ ਹੋਵੇਗਾ ਨੁਕਸਾਨ
- ਕਾਂਗਰਸ ਸਰਕਾਰ ਬਨਣ ਤੇ ਕੇਰਜੀਵਾਲ ਅਤੇ ਭਗਵੰਤ ਮਾਨ ਤੋਂ ਲਿਆ ਜਾਵੇਗਾ ਇੱਕ-ਇੱਕ ਪੈਸੇ ਦਾ ਹਿਸਾਬ
ਚੰਡੀਗੜ੍ਹ, 22 ਨਵੰਬਰ, (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਰਕਾਰੀ ਖ਼ਜ਼ਾਨੇ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਰੋਤਾਂ ਨੂੰ ਆਪਣੀ ਪਾਰਟੀ ਦੀਆਂ ਸਿਆਸੀ ਰੈਲੀਆਂ ਦੇ ਪ੍ਰਬੰਧਾਂ ਲਈ ਵਰਤਣ ਦਾ ਸਾਧਨ ਬਣਾ ਦਿੱਤਾ ਹੈ। 26 ਨਵੰਬਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਰੈਲੀ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ 2500 ਤੋਂ ਵੱਧ ਸਰਕਾਰੀ ਬੱਸਾਂ ਲਗਾਈਆਂ ਜਾ ਰਹੀਆਂ ਹਨ। ਇਸ ਕਾਰਨ 25 ਅਤੇ 26 ਨਵੰਬਰ ਨੂੰ ਆਮ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜਦਕਿ ਸਰਕਾਰੀ ਟਰਾਂਸਪੋਰਟ ਨਿਗਮਾਂ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਹੋਣ ਦਾ ਅਨੁਮਾਨ ਹੈ।
ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਪਾਰਟੀ ਦੇ ਸਿਆਸੀ ਹਿੱਤਾਂ ਲਈ ਵਰਤੇ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ। ਆਮ ਆਦਮੀ ਪਾਰਟੀ ਨੂੰ ਆਪਣੀ ਸਥਾਪਨਾ ਦਿਵਸ ਰੈਲੀ ਦਾ ਖਰਚਾ ਪਾਰਟੀ ਫੰਡ ਵਿੱਚੋਂ ਕਰਨਾ ਚਾਹੀਦਾ ਹੈ, ਨਾ ਕਿ ਪੰਜਾਬ ਦੇ ਖ਼ਜ਼ਾਨੇ ਵਿੱਚੋਂ। ਇੱਕ ਪਾਸੇ ਆਮ ਲੋਕਾਂ ਨੂੰ ਬੱਸਾਂ ਦੀ ਘਾਟ ਅਤੇ ਟਰਾਂਸਪੋਰਟ ਦੀ ਬਦਇੰਤਜ਼ਾਮੀ ਦਾ ਸਾਹਮਣਾ ਕਰਨਾ ਪਵੇਗਾ, ਦੂਜੇ ਪਾਸੇ ਸਰਕਾਰੀ ਬੱਸਾਂ ਅਤੇ ਮੁਲਾਜ਼ਮਾਂ ਨੂੰ ਪਾਰਟੀ ਦੀ ਰੈਲੀ ਦੇ ਪ੍ਰਬੰਧਾਂ ਵਿੱਚ ਝੋਕਿਆ ਜਾ ਰਿਹਾ ਹੈ।
ਇੰਨਾ ਹੀ ਨਹੀਂ, ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਰੈਲੀ ਵਿੱਚ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਦੇ ਸਰਕਾਰੀ ਕੰਮ ਪ੍ਰਭਾਵਿਤ ਹੋਣਗੇ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਦਾ ਸਰਕਾਰੀ ਖ਼ਜ਼ਾਨਾ ਹੁਣ ਆਮ ਆਦਮੀ ਪਾਰਟੀ ਦੀ ਨਿੱਜੀ ਜਾਇਦਾਦ ਬਣ ਗਿਆ ਹੈ?
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪਣੇ ਆਪ ਨੂੰ ਕੌਮੀ ਪਾਰਟੀ ਦੱਸਣ ਵਾਲੀ ਆਮ ਆਦਮੀ ਪਾਰਟੀ ਆਪਣਾ ਸਥਾਪਨਾ ਦਿਵਸ ਦਿੱਲੀ ਦੀ ਬਜਾਏ ਪੰਜਾਬ ਵਿੱਚ ਮਨਾ ਰਹੀ ਹੈ ਅਤੇ ਇਸ ਲਈ ਪੰਜਾਬ ਦੇ ਸਰੋਤਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੀ ਲੀਡਰਸ਼ਿਪ ਦੇ ਇਸ਼ਾਰੇ ’ਤੇ ਪੰਜਾਬ ਦੇ ਸਰੋਤਾਂ ਦੀ ਵਰਤੋਂ ਹੋ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਸਰਕਾਰੀ ਖ਼ਜ਼ਾਨੇ ਅਤੇ ਮਸ਼ੀਨਰੀ ਦੀ ਦੁਰਵਰਤੋਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਲੋਕਾਂ ਦੇ ਪੈਸੇ ਦਾ ਹਿਸਾਬ ਵਿਆਜ ਸਮੇਤ ਲਿਆ ਜਾਵੇਗਾ। ਸਰਕਾਰੀ ਧਨ ਦੀ ਦੁਰਵਰਤੋਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਪਰਗਟ ਸਿੰਘ ਨੇ ਸਰਕਾਰੀ ਟਰਾਂਸਪੋਰਟ ਪ੍ਰਬੰਧ ਵਿੱਚ ਦੋਹਰੇ ਮਾਪਦੰਡਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਆਪਣੀਆਂ ਰੈਲੀਆਂ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਹਜ਼ਾਰਾਂ ਬੱਸਾਂ ਵਰਤ ਸਕਦੀ ਹੈ ਤਾਂ ਫਿਰ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਲਈ ਦਿੱਲੀ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੀਆਂ ਬੱਸਾਂ ਨੂੰ ਕਰੋੜਾਂ-ਅਰਬਾਂ ਰੁਪਏ ਦੇ ਠੇਕੇ ਕਿਉਂ ਦਿੱਤੇ ਜਾ ਰਹੇ ਹਨ? ਪੰਜਾਬ ਦੇ ਆਪਣੇ ਟਰਾਂਸਪੋਰਟ ਨਿਗਮਾਂ ਨੂੰ ਕੰਮ ਦੇਣ ਦੀ ਬਜਾਏ ਬਾਹਰੀ ਸੂਬਿਆਂ ਦੀਆਂ ਬੱਸਾਂ ਨੂੰ ਠੇਕੇ ਦੇਣ ਪਿੱਛੇ ਕੀ ਮਜਬੂਰੀ ਹੈ?
ਉਨ੍ਹਾਂ ਇਸ ਨੂੰ ਤੀਰਥ ਯਾਤਰਾ ਯੋਜਨਾ ਦੇ ਨਾਂ ’ਤੇ ਸਰਕਾਰੀ ਪੈਸੇ ਦੀ ਵਰਤੋਂ ਵਿੱਚ ਗੰਭੀਰ ਬੇਨਿਯਮੀਆਂ ਦਾ ਮਾਮਲਾ ਦੱਸਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਇਸ ਪੂਰੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਮਜ਼ਬੂਤ ਕਰਕੇ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਨੂੰ ਲੋਕਾਂ ਦੇ ਹਿੱਤ ਵਿੱਚ ਬਿਹਤਰ ਬਣਾਇਆ ਜਾਵੇਗਾ।





