ਦਲ-ਬਦਲੀ ਮਾਮਲੇ ’ਚ ਮਨਪ੍ਰੀਤ ਸਿੰਘ ਇਆਲੀ ਨੇ ਸਪੀਕਰ ਨੂੰ ਨਹੀਂ ਸੌਂਪਿਆ ਜਵਾਬ, ਅਯੋਗਤਾ ਪਟੀਸ਼ਨ ’ਤੇ ਹੋਵੇਗਾ ਫ਼ੈਸਲਾ

Top Trending News ਪੰਜਾਬ

 

ਦਲ-ਬਦਲੀ ਮਾਮਲੇ ’ਚ ਮਨਪ੍ਰੀਤ ਸਿੰਘ ਇਆਲੀ ਨੇ ਸਪੀਕਰ ਨੂੰ ਨਹੀਂ ਸੌਂਪਿਆ ਜਵਾਬ, ਅਯੋਗਤਾ ਪਟੀਸ਼ਨ ’ਤੇ ਹੋਵੇਗਾ ਫ਼ੈਸਲਾ

ਚੰਡੀਗੜ੍ਹ 23 ਨਵੰਬਰ 2026- ਹਲਕਾ ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦੇਣ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਉਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਨਿਰਧਾਰਤ ਸਮੇਂ ਅੰਦਰ ਆਪਣਾ ਜਵਾਬ ਦੇਣ ਵਿੱਚ ਨਾਕਾਮ ਰਹੇ ਹਨ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 19 ਅਕਤੂਬਰ ਨੂੰ ਇਆਲੀ ਨੂੰ ਨੋਟਿਸ ਜਾਰੀ ਕਰਦਿਆਂ ਇੱਕ ਮਹੀਨੇ ਅੰਦਰ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਵਾਬ ਦਾਖ਼ਲ ਕਰਨ ਦੀ ਆਖ਼ਰੀ ਮਿਤੀ 18 ਨਵੰਬਰ ਸੀ, ਪਰ ਇਸ ਸਮੇਂ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਦੋਰਾਹਾ ਵਾਸੀ ਰਣਜੋਧ ਸਿੰਘ ਨੇ 6 ਅਕਤੂਬਰ ਨੂੰ ਭਾਰਤੀ ਸੰਵਿਧਾਨ ਦੀ ਦਸਵੀਂ ਅਨੁਸੂਚੀ ਤਹਿਤ ਸਪੀਕਰ ਕੋਲ ਪਟੀਸ਼ਨ ਦਾਇਰ ਕਰਕੇ ਇਆਲੀ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਸੀ।

ਵਿਧਾਨ ਸਭਾ ਸਕੱਤਰੇਤ ਨੇ ਜਵਾਬ ਦਾਖ਼ਲ ਨਾ ਹੋਣ ਦੀ ਪੁਸ਼ਟੀ ਕੀਤੀ ਹੈ। ਹੁਣ ਇਸ ਮਾਮਲੇ ਦੀ ਫ਼ਾਈਲ ਅਗਲੇਰੀ ਕਾਰਵਾਈ ਅਤੇ ਫ਼ੈਸਲੇ ਲਈ ਸਪੀਕਰ ਦੇ ਸਾਹਮਣੇ ਪੇਸ਼ ਕੀਤੀ ਜਾਵੇਗੀ।