ਮੌਸਮ ਵਿਭਾਗ ਦੀ ਚੇਤਾਵਨੀ; 12 ਸੂਬਿਆਂ ’ਚ ਮੀਂਹ ਦੀ ਸੰਭਾਵਨਾ, ਪੰਜਾਬ ਸਮੇਤ ਉੱਤਰੀ ਭਾਰਤ ’ਚ ਵਧੇਗੀ ਠੰਢ
ਦਿੱਲੀ, 23 ਨਵੰਬਰ 2026- ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਚੱਕਰਵਾਤ ‘ਅਕਵਾਨ’ ਦੇ ਪ੍ਰਭਾਵ ਕਾਰਨ 12 ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਢ ਦਾ ਪ੍ਰਕੋਪ ਵਧਣ ਦੇ ਆਸਾਰ ਹਨ।
ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਬੁਲੇਟਿਨ ਅਨੁਸਾਰ 23 ਨਵੰਬਰ ਨੂੰ ਝਾਰਖੰਡ, ਬਿਹਾਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿੱਚ ਆ ਰਹੀ ਇਸ ਤਬਦੀਲੀ ਕਾਰਨ ਵੱਖ-ਵੱਖ ਖੇਤਰਾਂ ਲਈ ਮੀਂਹ ਅਤੇ ਠੰਢ ਸਬੰਧੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।
ਰਾਜਸਥਾਨ ਦੇ ਮਾਊਂਟ ਆਬੂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਪਹੁੰਚਣ ਕਾਰਨ ਓਸ ਜੰਮਣ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਖੇਤਰਾਂ ਵਿੱਚ ਵੀ ਮਹਿਸੂਸ ਹੋਣ ਲੱਗਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਇਸ ਨਾਲ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਠੰਢੀਆਂ ਹਵਾਵਾਂ ਅਤੇ ਸੀਤ ਲਹਿਰ ਦਾ ਅਸਰ ਵਧਣ ਦੀ ਸੰਭਾਵਨਾ ਹੈ।





