2027 ਵਿੱਚ ਮੁੜ ਬਣੇਗੀ AAP ਸਰਕਾਰ: ਮੋਹਿੰਦਰ ਭਗਤ

Top Trending News ਪੰਜਾਬ

 

2027 ਵਿੱਚ ਮੁੜ ਬਣੇਗੀ AAP ਸਰਕਾਰ: ਮੋਹਿੰਦਰ ਭਗਤ

ਜਲੰਧਰ: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 26 ਨਵੰਬਰ ਦੇ ਮੌਕੇ ‘ਤੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਵਿੱਚ 2027 ਦੌਰਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਸੰਤੁਸ਼ਟ ਹਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਹਨ। ਪਿਛਲੀਆਂ ਸਰਕਾਰਾਂ ਨੇ ਸਾਲਾਂ ਤੱਕ ਪੰਜਾਬ ਦੀ ਜਨਤਾ ਨੂੰ ਸਿਰਫ਼ ਵਾਅਦਿਆਂ ਵਿੱਚ ਉਲਝਾਈ ਰੱਖਿਆ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਨ ਦੇ ਯਤਨ ਕੀਤੇ ਹਨ। ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਬਿਹਤਰ ਸਿਹਤ ਸਹੂਲਤਾਂ, ਨਹਿਰੀ ਪਾਣੀ ਦੀ ਪਹੁੰਚ ਵਿੱਚ ਵਾਧਾ ਅਤੇ ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ।

ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਪੰਜਾਬ ਦੇ ਆਮ ਲੋਕ ਹਨ। ਪਾਰਟੀ ਨੇ ਰਵਾਇਤੀ ਰਾਜਨੀਤੀ ਨੂੰ ਬਦਲਦੇ ਹੋਏ ਆਮ ਪਰਿਵਾਰਾਂ, ਨੌਜਵਾਨਾਂ, ਕਿਸਾਨਾਂ ਅਤੇ ਔਰਤਾਂ ਦੀਆਂ ਉਮੀਦਾਂ ਨੂੰ ਪਹਿਲ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ ਵੱਡੀ ਜਿੱਤ ਦਰਜ ਕਰੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਜਿਹੇ ਕਈ ਕੰਮ ਕੀਤੇ ਹਨ, ਜੋ ਰਵਾਇਤੀ ਪਾਰਟੀਆਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਵੀ ਨਹੀਂ ਕਰ ਸਕੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਇਸ ਤੋਂ ਇਲਾਵਾ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮੇ ਦੀ ਸਹੂਲਤ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੀਆਂ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ।

ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਗਿਆ ਹੈ। ਪਹਿਲਾਂ ਜਿੱਥੇ ਸਿਰਫ਼ 22 ਫ਼ੀਸਦੀ ਖੇਤੀਬਾੜੀ ਰਕਬੇ ਤੱਕ ਨਹਿਰੀ ਪਾਣੀ ਪਹੁੰਚਦਾ ਸੀ, ਉੱਥੇ ਹੁਣ ਲਗਭਗ 88 ਫ਼ੀਸਦੀ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗਾ ਹੈ।

ਔਰਤਾਂ ਦੇ ਸਨਮਾਨ ਅਤੇ ਆਰਥਿਕ ਮਜ਼ਬੂਤੀ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਮਹੀਨੇ 1000/1500 ਰੁਪਏ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 18 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਜਿਸ ਨਾਲ ਪੰਜਾਬੀਆਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਵਿੱਚ 3100 ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ।

ਅੰਤ ਵਿੱਚ ਮੋਹਿੰਦਰ ਭਗਤ ਅਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੰਮ ਕੀਤਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿੱਚ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ।