Breaking: ਅਕਾਲੀ-ਭਾਜਪਾ ਵਿਚਾਲੇ ਅੱਜ ਹੋ ਸਕਦੈ ਗੱਠਜੋੜ! ਸੱਦੀ ਸਾਂਝੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ/ਨਵੀਂ ਦਿੱਲੀ 24 ਨਵੰਬਰ 2026-
ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ ਹੋਣ ਦੇ ਸੰਕੇਤ ਮਿਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਚੋਣ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਕਾਨਫਰੰਸ ਕਰਨ ਸਬੰਧੀ ਸੱਦਾ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗੱਲਬਾਤ ਚੱਲ ਰਹੀ ਸੀ। ਮੀਡੀਆ ਰਿਪੋਰਟਾਂ ਅਨੁਸਾਰ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋਵਾਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ ਸਬੰਧੀ ਵੀ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਇਸ ਗੱਠਜੋੜ ਦੇ ਰਸਮੀ ਐਲਾਨ ਨੂੰ ਲੈ ਕੇ 24 ਨਵੰਬਰ ਦੀ ਤਾਰੀਖ਼ ਦੀ ਚਰਚਾ ਵੀ ਰਹੀ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਕਰੀਬ 24 ਸਾਲ ਪੁਰਾਣਾ ਸਿਆਸੀ ਸਾਥ ਸਤੰਬਰ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਟੁੱਟ ਗਿਆ ਸੀ। ਹੁਣ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੀ ਸੰਭਾਵਨਾ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਹਾਲਾਂਕਿ, ਗੱਠਜੋੜ ਅਤੇ ਸੀਟਾਂ ਦੀ ਵੰਡ ਬਾਰੇ ਅੰਤਿਮ ਫ਼ੈਸਲੇ ਦੀ ਰਸਮੀ ਪੁਸ਼ਟੀ ਦੋਵਾਂ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਐਲਾਨ ਤੋਂ ਬਾਅਦ ਹੀ ਹੋਵੇਗੀ।





