ਪਾਰਟੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਤੱਕ ਲੜਾਈ ਲੜੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ

Top Trending News ਪੰਜਾਬ
  • ਪਾਰਟੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਤੱਕ ਲੜਾਈ ਲੜੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ
  • ਮਨਪ੍ਰੀਤ ਸਿੰਘ ਇਆਲੀ ਦਾ ਐਲਾਨ, ਜਲਦ ਚੋਣ ਕਮਿਸ਼ਨ ਨਾਲ ਵੀ ਕਰਨਗੇ ਮੁਲਾਕਾਤ
  • ਪਾਰਟੀ ਦੀ ਮੈਂਬਰਸ਼ਿਪ ਲਈ ਐਪ ਅਤੇ ਹੈਲਪਲਾਈਨ ਸ਼ੁਰੂ

ਚੰਡੀਗੜ੍ਹ, 24 ਨਵੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਐਲਾਨ ਕੀਤਾ ਕਿ ਪਾਰਟੀ ਆਪਣੀ ਰਜਿਸਟ੍ਰੇਸ਼ਨ ਲਈ ਕਾਨੂੰਨੀ ਲੜਾਈ ਸੁਪਰੀਮ ਕੋਰਟ ਤੱਕ ਲੜੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਜਲਦ ਹੀ ਚੋਣ ਕਮਿਸ਼ਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਇਆਲੀ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਪਾਰਟੀ ਤੋਂ ਡਰੀਆਂ ਹੋਈਆਂ ਹਨ, ਜਿਸ ਕਾਰਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ।

ਇਸ ਮੌਕੇ ਪਾਰਟੀ ਵੱਲੋਂ ਇੱਕ ਐਪ ਵੀ ਲਾਂਚ ਕੀਤੀ ਗਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ। ਇਸ ਰਾਹੀਂ ਲੋਕ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਨਾਲ-ਨਾਲ ਆਪਣੇ ਸੁਝਾਅ ਵੀ ਦੇ ਸਕਣਗੇ। ਪ੍ਰੈੱਸ ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ।

ਇੱਕੋ ਚੋਣ ਨਿਸ਼ਾਨ ’ਤੇ ਚੋਣ ਲੜਨ ਦੀ ਇੱਛਾ
ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿ ਜੇਕਰ ਪਾਰਟੀ ਨੂੰ ਆਪਣਾ ਚੋਣ ਨਿਸ਼ਾਨ ਨਹੀਂ ਮਿਲਦਾ ਤਾਂ ਕੀ ਉਹ ਬਸਪਾ ਨਾਲ ਗਠਜੋੜ ਕਰਕੇ ਉਸ ਦੇ ਨਿਸ਼ਾਨ ’ਤੇ ਚੋਣ ਲੜੇਗੀ, ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਾਰਟੀ ਇੱਕੋ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਹੋਰ ਸਿਆਸੀ ਧਿਰ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੇਗੀ। ਆਜ਼ਾਦ ਤੌਰ ’ਤੇ ਚੋਣ ਲੜਨਾ ਆਖਰੀ ਵਿਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਨਾਂ ਅਤੇ ਚੋਣ ਨਿਸ਼ਾਨ ਲਈ ਕਾਨੂੰਨੀ ਲੜਾਈ ਜਾਰੀ ਰੱਖੇਗੀ।

ਚੋਣ ਕਮਿਸ਼ਨ ਦੀਆਂ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰਨ ਦੀ ਮੰਗ
ਇਆਲੀ ਨੇ ਦੱਸਿਆ ਕਿ ਪਹਿਲਾਂ ਮਾਤਾ ਜੀ ਦੇ ਦੇਹਾਂਤ ਕਾਰਨ ਇਸ ਮਾਮਲੇ ਵਿੱਚ ਅੱਗੇ ਕਾਰਵਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੁਝ ਇਤਰਾਜ਼ ਜਤਾਏ ਜਾ ਰਹੇ ਹਨ, ਪਰ ਪਾਰਟੀ ਨੂੰ ਇਨ੍ਹਾਂ ਇਤਰਾਜ਼ਾਂ ਦੇ ਆਧਾਰ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਸਵਾਲ ਉਠਾਇਆ ਕਿ ਪ੍ਰਕਾਸ਼ਨ ਤੋਂ ਪਹਿਲਾਂ ਹੀ ਕਿਸ ਆਧਾਰ ’ਤੇ ਇਤਰਾਜ਼ ਦਰਜ ਕਰ ਦਿੱਤੇ ਗਏ। ਇਸ ਸਬੰਧੀ ਪਾਰਟੀ ਆਗੂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਵੀ ਮੁਲਾਕਾਤ ਕਰਕੇ ਆਪਣਾ ਪੱਖ ਰੱਖ ਚੁੱਕੇ ਹਨ।

ਪਾਰਟੀ ਆਗੂਆਂ ਨੇ ਇਤਰਾਜ਼ਾਂ ਦਾ ਸਪੱਸ਼ਟ ਜਵਾਬ ਮੰਗਿਆ
ਪਾਰਟੀ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਰਜਿਸਟ੍ਰੇਸ਼ਨ ਲਈ ਯਤਨ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਰੋਕਣ ਪਿੱਛੇ ਕੀ ਕਾਰਨ ਹਨ ਅਤੇ ਇਸ ਨਾਲ ਕਿਸ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ। ਆਗੂਆਂ ਨੇ ਇਹ ਵੀ ਪੁੱਛਿਆ ਕਿ ਪਾਰਟੀ ਵੱਲੋਂ ਹੁਣ ਤੱਕ ਅਜਿਹਾ ਕਿਹੜਾ ਕੰਮ ਕੀਤਾ ਗਿਆ ਹੈ, ਜਿਸ ਨੂੰ ਅਨੁਸ਼ਾਸਨਹੀਣਤਾ ਜਾਂ ਨਿਯਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਤੋਂ ਇਨ੍ਹਾਂ ਸਾਰੇ ਇਤਰਾਜ਼ਾਂ ਬਾਰੇ ਸਪੱਸ਼ਟ ਜਵਾਬ ਮੰਗਿਆ ਜਾਵੇਗਾ।