ਬੇਅਦਬੀ ਕਾਨੂੰਨ ’ਤੇ ਵੱਡੀ ਪਹਿਲਕਦਮੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਸਰਕਾਰੀ ਕਮੇਟੀ ਨੂੰ 30 ਨਵੰਬਰ ਦੀ ਮੀਟਿੰਗ ਲਈ ਸੱਦਿਆ

Top Trending News ਪੰਜਾਬ

 

ਬੇਅਦਬੀ ਕਾਨੂੰਨ ’ਤੇ ਵੱਡੀ ਪਹਿਲਕਦਮੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਸਰਕਾਰੀ ਕਮੇਟੀ ਨੂੰ 30 ਨਵੰਬਰ ਦੀ ਮੀਟਿੰਗ ਲਈ ਸੱਦਿਆ

ਚੰਡੀਗੜ੍ਹ, 25 ਨਵੰਬਰ 2026: ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਹੁਣ ਗੱਲਬਾਤ ਦਾ ਰਾਹ ਖੁੱਲ੍ਹਦਾ ਨਜ਼ਰ ਆ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਬਣਾਈ ਗਈ ਪੰਜ ਮੈਂਬਰੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਸੱਤ ਮੈਂਬਰੀ ਤਾਲਮੇਲ ਕਮੇਟੀ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ।

ਇਸ ਬੈਠਕ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਸ ਨਾਲ ਜੁੜੇ ਪੰਥਕ ਤੇ ਕਾਨੂੰਨੀ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕਾਨੂੰਨ ਦੇ ਕੁਝ ਪ੍ਰਬੰਧਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤਿੰਨ ਵਾਰ ਮਾਹਿਰ ਕਮੇਟੀ ਨੂੰ ਮੀਟਿੰਗ ਲਈ ਸੱਦਾ ਦੇ ਚੁੱਕੀ ਸੀ, ਜਦਕਿ ਚੌਥੀ ਵਾਰ ਵੀ ਗੱਲਬਾਤ ਦੀ ਪਹਿਲ ਕੀਤੀ ਗਈ ਸੀ। ਹੁਣ ਮਾਹਿਰ ਕਮੇਟੀ ਨੇ ਖ਼ੁਦ ਅੱਗੇ ਆ ਕੇ ਬੈਠਕ ਦਾ ਸੱਦਾ ਦਿੱਤਾ ਹੈ।

ਇਸ ਦੇ ਨਾਲ ਹੀ ਮਾਹਿਰ ਕਮੇਟੀ ਨੇ ਸਰਕਾਰੀ ਕਮੇਟੀ ਨੂੰ ਚਿਤਾਵਨੀ ਦਿੱਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਮਾਮਲੇ ਬਾਰੇ ਸਿੱਖ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ। ਹੁਣ ਸਭ ਦੀਆਂ ਨਜ਼ਰਾਂ 30 ਨਵੰਬਰ ਦੀ ਇਸ ਅਹਿਮ ਬੈਠਕ ’ਤੇ ਹਨ।