ਚੰਨੀ ਦਾ ਅਕਾਲੀ ਦਲ ਨੂੰ ਸਵਾਲ: ਕੀ RSS ਨਾਲ ਸਬੰਧ ਰੱਖ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਰਹੇ ਹੋ?
ਚੰਡੀਗੜ੍ਹ, 25 ਨਵੰਬਰ 2026: ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨਾਲ ਸਬੰਧਾਂ ਨੂੰ ਲੈ ਕੇ ਘੇਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੁਰਾਣੇ ਹੁਕਮਨਾਮੇ ਦੀ ਪਾਲਣਾ ਬਾਰੇ ਸਵਾਲ ਖੜ੍ਹੇ ਕੀਤੇ ਹਨ।
ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 23 ਜੁਲਾਈ 2004 ਨੂੰ ਜਾਰੀ ਕੀਤੇ ਗਏ ਹੁਕਮਨਾਮੇ ਵਿੱਚ ਸਿੱਖ ਭਾਈਚਾਰੇ ਨੂੰ ਆਰ.ਐੱਸ.ਐੱਸ. ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਇਹ ਹਦਾਇਤ ਸਿਰਫ਼ ਆਮ ਸਿੱਖਾਂ ਹੀ ਨਹੀਂ, ਸਗੋਂ ਸਿੱਖ ਆਗੂਆਂ ’ਤੇ ਵੀ ਲਾਗੂ ਹੁੰਦੀ ਹੈ।
ਕਾਂਗਰਸੀ ਆਗੂ ਨੇ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਕੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਮੂੰਹ ਮੋੜ ਲਿਆ ਹੈ? ਜੇਕਰ ਅਕਾਲੀ ਦਲ ਇਸ ਦੀ ਪਾਲਣਾ ਨਹੀਂ ਕਰ ਰਿਹਾ ਤਾਂ ਉਸ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਚੰਨੀ ਨੇ ਅੱਗੇ ਸਵਾਲ ਉਠਾਇਆ ਕਿ ਜੇਕਰ ਕੋਈ ਸਿਆਸੀ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਨਹੀਂ ਕਰਦੀ ਤਾਂ ਕੀ ਸਿੱਖ ਭਾਈਚਾਰੇ ਨੂੰ ਅਜਿਹੀ ਪਾਰਟੀ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ? ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ RSS ਦੇ ਸਬੰਧਾਂ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।





