BREAKING- ਅਕਾਲੀ ਆਗੂ ਦੇ ਘਰ ED ਦੀ ਰੇਡ
ਚੰਡੀਗੜ੍ਹ, 25 ਨਵੰਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੇ ਨਿਵਾਸ ਸਥਾਨ ’ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੰਜਾਬ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨ ਵੀ ਸੁਰੱਖਿਆ ਲਈ ਤਾਇਨਾਤ ਰਹੇ। ਮੁੱਢਲੀ ਜਾਣਕਾਰੀ ਮੁਤਾਬਕ ਈਡੀ ਦੀ ਇਹ ਕਾਰਵਾਈ ਪੁਰਾਣੇ ਮਾਮਲੇ ਨਾਲ ਸਬੰਧਤ ਹੈ, ਜਿਸ ਦੀਆਂ ਤਾਰਾਂ ਕਥਿਤ ਸ਼ੈਲਰ ਘੁਟਾਲੇ ਨਾਲ ਜੁੜੀਆਂ ਹੋਣ ਦਾ ਖ਼ਦਸ਼ਾ ਹੈ।
ਰਵਿੰਦਰ ਸਿੰਘ ਖੇੜਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ ਖਰੜ ਵਿਧਾਨ ਸਭਾ ਹਲਕੇ ਦੇ ਪਾਰਟੀ ਇੰਚਾਰਜ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਸਬੰਧਤ ਮਾਮਲੇ ਦੀ ਜਾਂਚ ਪਹਿਲਾਂ ਤੋਂ ਹੀ ਚੱਲ ਰਹੀ ਹੈ ਅਤੇ ਇਸ ਸਬੰਧੀ ਅਦਾਲਤੀ ਪ੍ਰਕਿਰਿਆ ਵੀ ਜਾਰੀ ਹੈ। ਹਾਲਾਂਕਿ, ਛਾਪੇਮਾਰੀ ਦੌਰਾਨ ਈਡੀ ਦੇ ਅਧਿਕਾਰੀਆਂ ਨੂੰ ਕੀ ਕੁਝ ਮਿਲਿਆ ਜਾਂ ਕਿਹੜੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਭਾਜਪਾ ਨਾਲ ਮੁੜ ਗੱਠਜੋੜ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੋਈ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਹਾਲਾਂਕਿ, ਈਡੀ ਦੀ ਛਾਪੇਮਾਰੀ ਅਤੇ ਸਿਆਸੀ ਗੱਠਜੋੜ ਵਿਚਕਾਰ ਕਿਸੇ ਸਬੰਧ ਦੀ ਪੁਸ਼ਟੀ ਨਹੀਂ ਹੋਈ ਹੈ।





