CM ਮਾਨ ਨੇ ਪ੍ਰੋਬੇਸ਼ਨਰੀ IPS ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

Top Trending News ਪੰਜਾਬ
  • CM ਮਾਨ ਨੇ ਪ੍ਰੋਬੇਸ਼ਨਰੀ IPS ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ
  • ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਹਰੇਕ ਅਧਿਕਾਰੀ ਨੂੰ ਨਾਗਰਿਕਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਅਪਰਾਧ ਵਿਰੁੱਧ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਨਵੰਬਰ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਮੈਂ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸੂਬੇ ਭਰ ਵਿੱਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਮੈਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ।”

ਚੰਡੀਗੜ੍ਹ ਵਿੱਚ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹਨਾਂ ਨੌਜਵਾਨ ਅਧਿਕਾਰੀਆਂ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪੰਜਾਬ ਦੀ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਮੁੱਖ ਮੰਤਰੀ ਨੇ ਕਿਹਾ, “ਪੁਲਿਸ ਬਲ ਸਿਰਫ਼ ਕਾਨੂੰਨ ਲਾਗੂਕਰਨ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਉਨ੍ਹਾਂ ‘ਤੇ ਆਪਣੇ ਆਚਰਣ, ਹਮਦਰਦੀ ਅਤੇ ਵਚਨਬੱਧਤਾ ਰਾਹੀਂ ਲੋਕਾਂ ਦਾ ਭਰੋਸਾ ਜਿੱਤਣ ਦੀ ਵੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਪੁਲਿਸ ਨੂੰ ਇੱਕ ਅਜਿਹੀ ਸੰਸਥਾ ਵਜੋਂ ਦੇਖਣਾ ਚਾਹੀਦਾ ਹੈ ਜੋ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਕਰਦੀ ਹੈ।”

ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਵਰਦੀ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਸਮਾਜ ਦੀ ਸੇਵਾ ਦਾ ਪ੍ਰਤੀਕ ਹੈ। ਹਰੇਕ ਅਧਿਕਾਰੀ ਨੂੰ ਅਪਰਾਧ ਵਿਰੁੱਧ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰਾਖੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਪੁਲਿਸ ਕੋਲ ਜਾਣ ਵੇਲੇ ਲੋਕਾਂ ਨੂੰ ਸੁਰੱਖਿਅਤ ਅਤੇ ਆਤਮਵਿਸ਼ਵਾਸੀ ਮਹਿਸੂਸ ਹੋਣਾ ਚਾਹੀਦਾ ਹੈ। ਇੱਕ ਜਵਾਬਦੇਹ, ਜ਼ਿੰਮੇਵਾਰ ਅਤੇ ਲੋਕ-ਪੱਖੀ ਪੁਲਿਸ ਪ੍ਰਣਾਲੀ ਸ਼ਾਂਤਮਈ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ।”

ਨੌਜਵਾਨ ਅਧਿਕਾਰੀਆਂ ਨੂੰ ਮਿਸਾਲ ਬਣ ਕੇ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰੇਕ ਅਧਿਕਾਰੀ ਨੂੰ ਪੇਸ਼ੇਵਰ ਨੈਤਿਕਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰਤਾ ਉਨ੍ਹਾਂ ਦੀ ਸੇਵਾ ਦੇ ਮਾਰਗਦਰਸ਼ਕ ਸਿਧਾਂਤ ਬਣਨ। ਉਨ੍ਹਾਂ ਦਾ ਆਚਰਣ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਵੇ ਅਤੇ ਪੁਲਿਸ ਤੇ ਸਮਾਜ ਵਿਚਕਾਰ ਸਬੰਧਾਂ ਨੂੰ ਮਜ਼ਬੂਤੀ ਮਿਲੇ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਅਤੇ ਅਪਰਾਧ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਮਜ਼ਬੂਤ ਅਤੇ ਪੇਸ਼ੇਵਰ ਪੁਲਿਸਿੰਗ ਬੇਹੱਦ ਜ਼ਰੂਰੀ ਹੈ।”

ਨਵ-ਨਿਯੁਕਤ ਅਧਿਕਾਰੀਆਂ ਦੀਆਂ ਸਮਰੱਥਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦਾ ਉਤਸ਼ਾਹ, ਊਰਜਾ ਅਤੇ ਪੇਸ਼ੇਵਰ ਮੁਹਾਰਤ ਪੰਜਾਬ ਦੇ ਕਾਨੂੰਨ ਲਾਗੂਕਰਨ ਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।”