ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ ‘ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਰੋਸ! ਅੱਜ ਪਟਿਆਲਾ ‘ਚ ਕੱਢਣਗੇ ਮੋਟਰਸਾਈਕਲ ਝੰਡਾ ਮਾਰਚ

Top Trending News ਪੰਜਾਬ

 

ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ ‘ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਰੋਸ! ਅੱਜ ਪਟਿਆਲਾ ‘ਚ ਕੱਢਣਗੇ ਮੋਟਰਸਾਈਕਲ ਝੰਡਾ ਮਾਰਚ

ਪਟਿਆਲਾ, 26 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਤੈਅ ਮੀਟਿੰਗ ਮੁੱਖ ਸਕੱਤਰ ਪੱਧਰ ‘ਤੇ ਤਬਦੀਲ ਕਰਨ ਦੇ ਫੈਸਲੇ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।

ਇਸ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨੇ ਮੀਟਿੰਗ ਦਾ ਬਾਈਕਾਟ ਕਰਦਿਆਂ ਅੱਜ ਪਟਿਆਲਾ ਵਿੱਚ ਮੋਟਰਸਾਈਕਲ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ।

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨਾਲ ਮੀਟਿੰਗ ਰੱਖਣਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਗੰਭੀਰਤਾ ‘ਤੇ ਸਵਾਲ ਖੜ੍ਹੇ ਕਰਦਾ ਹੈ।

ਐਲਾਨੇ ਪ੍ਰੋਗਰਾਮ ਮੁਤਾਬਕ ਮਾਰਚ ਦੁਪਹਿਰ 3 ਵਜੇ ਪਟਿਆਲਾ ਦੇ ਸਿੰਚਾਈ ਵਿਭਾਗ ਦੇ ਦਫ਼ਤਰ ਤੋਂ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮਾਪਤ ਹੋਵੇਗਾ।

ਆਗੂਆਂ ਨੇ ਸਰਕਾਰ ਤੋਂ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਤੈਅ ਕਰਨ ਅਤੇ ਲੰਬਿਤ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ‘ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।