ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਮੌਤਾਂ ਤੇ 8 ਜ਼ਖਮੀ
ਅਨੰਤਪੁਰ, 26 ਨਵੰਬਰ 2026: ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਯਾਦਿਕੀ ਮੰਡਲ ਦੇ ਰਯਾਲਾਚੇਰੁਵੂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਲੌਰੀ (ਟਰੱਕ) ਨੇ ਯਾਤਰੀਆਂ ਨਾਲ ਭਰੀ ਐੱਸ.ਯੂ.ਵੀ. ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ, ਐੱਸ.ਯੂ.ਵੀ. ਵਿੱਚ ਸਵਾਰ ਲੋਕ ਹੈਦਰਾਬਾਦ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਾਡੀਪਤਰੀ ਵੱਲ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਵਾਪਰੇ ਹਾਦਸੇ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਸੂਬੇ ਦੇ ਆਵਾਜਾਈ ਮੰਤਰੀ ਮੰਡੀਪੱਲੀ ਰਾਮ ਪ੍ਰਸਾਦ ਰੈੱਡੀ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।





