ਮਾਨ ਸਰਕਾਰ ਨੇ ਆਮ ਪਰਿਵਾਰਾਂ ਦੀ ਜ਼ਿੰਦਗੀ ਬਦਲੀ, ਸਿੱਖਿਆ ਤੇ ਸਿਹਤ ਖੇਤਰ ਵਿੱਚ ਲਿਆਂਦੀ ਕ੍ਰਾਂਤੀ: ਮਨੀਸ਼ ਸਿਸੋਦੀਆ
ਸੰਵਿਧਾਨ ਦਿਵਸ ਅਤੇ ‘ਆਪ’ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਕੀਤਾ ਸੰਬੋਧਨ
ਮੋਗਾ, 26 ਨਵੰਬਰ 2026
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਆਮ ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਅਹਿਮ ਬਦਲਾਅ ਕੀਤੇ ਹਨ। ਉਹ ਅੱਜ ਸੰਵਿਧਾਨ ਦਿਵਸ ਅਤੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੇ ਨਵੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ 27ਵੇਂ ਸਥਾਨ ਤੋਂ ਪਹਿਲੇ ਸਥਾਨ ਤੱਕ ਲਿਆਉਣਾ ਸਰਕਾਰ ਦੀ ਅਹਿਮ ਪ੍ਰਾਪਤੀ ਹੈ।
ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਇਸ ਤੋਂ ਇਲਾਵਾ ਸਿਹਤ ਬੀਮਾ ਯੋਜਨਾ ਰਾਹੀਂ ਲੱਖਾਂ ਪਰਿਵਾਰਾਂ ਨੂੰ ਇਲਾਜ ਦੀ ਸਹੂਲਤ ਦੇਣ ਦਾ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣਾ ਵੀ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਗੁਰੂ ਸਾਹਿਬਾਨ ਦੇ ਵਿਚਾਰਾਂ ਅਨੁਸਾਰ ਲੋਕ ਭਲਾਈ ਲਈ ਕੰਮ ਕਰ ਰਹੀ ਹੈ।





