PU ਦੇ ਹੋਸਟਲ ’ਚ BTech ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌਤ

Top Trending News ਪੰਜਾਬ
  • PU ਦੇ ਹੋਸਟਲ ’ਚ BTech ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌਤ
  • ਮੁੱਢਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਦਾ ਸ਼ੱਕ
  • ਪੁਲਿਸ ਵੱਲੋਂ ਜਾਂਚ ਜਾਰੀ

ਚੰਡੀਗੜ੍ਹ: 26 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਯੂਨੀਵਰਸਿਟੀ ਦੇ ਹੋਸਟਲ ਨੰਬਰ-5 ਵਿੱਚ BTech ਪਹਿਲੇ ਸਾਲ ਦੇ 19 ਸਾਲਾ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ-ਕਸ਼ਮੀਰ ਵਾਸੀ ਆਰਿਅਨ ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (UIET) ਵਿੱਚ ਪੜ੍ਹਦਾ ਸੀ। ਉਸ ਦੀ ਲਾਸ਼ ਹੋਸਟਲ ਦੇ ਕਮਰਾ ਨੰਬਰ 227 ਵਿੱਚੋਂ ਮਿਲੀ।

ਮੁੱਢਲੀ ਜਾਣਕਾਰੀ ਮੁਤਾਬਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸ਼ੱਕ ਹੈ, ਹਾਲਾਂਕਿ ਇਸ ਕਦਮ ਪਿੱਛੇ ਕੀ ਕਾਰਨ ਸੀ, ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜਾਣਕਾਰੀ ਅਨੁਸਾਰ ਘਟਨਾ ਸਮੇਂ ਆਰਿਅਨ ਦੇ ਕਮਰੇ ਵਿੱਚ ਉਸ ਦੇ ਦੋਸਤ ਮੌਜੂਦ ਨਹੀਂ ਸਨ। ਸਭ ਤੋਂ ਪਹਿਲਾਂ ਉਸ ਦੇ ਰੂਮਮੇਟ ਨੇ ਉਸ ਨੂੰ ਬੇਹੋਸ਼ ਹਾਲਤ ਵਿੱਚ ਦੇਖਿਆ ਅਤੇ ਤੁਰੰਤ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਿਸ ਵਿਦਿਆਰਥੀ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਸਟਲ ਵਿੱਚ ਰਹਿਣ ਵਾਲੇ ਹੋਰ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਆਰਿਅਨ ਕਿਹੜੇ ਹਾਲਾਤਾਂ ਵਿੱਚੋਂ ਲੰਘ ਰਿਹਾ ਸੀ ਅਤੇ ਉਸ ਦੀ ਮੌਤ ਦੇ ਪਿੱਛੇ ਕੀ ਕਾਰਨ ਹੋ ਸਕਦੇ ਹਨ।