- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ’ਚ 12 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
- ਆਧਾਰ, ਪੈਨ ਕਾਰਡ, ਵੋਟਰ ਆਈਡੀ ਅਤੇ EPFO ਕਾਰਡ ਸਮੇਤ ਕਈ ਦਸਤਾਵੇਜ਼ ਬਰਾਮਦ
ਅਲੀਗੜ੍ਹ: 26 ਨਵੰਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ 12 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖ਼ਲ ਹੋਣ ਦੀ ਗੱਲ ਕਬੂਲ ਕੀਤੀ ਹੈ।
ਐਸਐਸਪੀ ਆਦਿੱਤਿਆ ਬਾਂਸਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਆਧਾਰ ਕਾਰਡ, ਪੈਨ ਕਾਰਡ, ਵੋਟਰ ਆਈਡੀ ਕਾਰਡ, ਬੈਂਕ ਬਚਤ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਅਤੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਕਾਰਡ ਬਰਾਮਦ ਹੋਏ ਹਨ।
ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ। ਜਾਂਚ ਦੌਰਾਨ ਫੋਨਾਂ ਵਿੱਚ ਬੰਗਲਾਦੇਸ਼ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਹੋਈ ਗੱਲਬਾਤ ਦੇ ਸਬੂਤ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫੋਨ ਕਾਲਾਂ ਅਤੇ ਮੈਸੇਜ ਸ਼ਾਮਲ ਹਨ।
ਐਸਐਸਪੀ ਮੁਤਾਬਕ, ਸਾਰੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਬਰਾਮਦ ਦਸਤਾਵੇਜ਼ਾਂ ਅਤੇ ਉਨ੍ਹਾਂ ਦੇ ਭਾਰਤ ਵਿੱਚ ਰਹਿਣ ਨਾਲ ਜੁੜੇ ਮਾਮਲਿਆਂ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।





