ਵੱਡੀ ਖ਼ਬਰ: 11 ਸਰਕਾਰੀ ਡਾਕਟਰ ਨੌਕਰੀ ਤੋਂ ਬਰਖ਼ਾਸਤ!
ਪਟਨਾ 27 ਨਵੰਬਰ 2026- ਬਿਹਾਰ ਦੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤੀ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਬਿਹਾਰ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਸਿਹਤ ਵਿਭਾਗ ਦੇ 11 ਡਾਕਟਰਾਂ ਨੂੰ ਸਰਕਾਰੀ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ ਡਾਕਟਰਾਂ ਵਿਰੁੱਧ ਆਪਣੀ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਅਤੇ ਲੰਮੇ ਸਮੇਂ ਤੋਂ ਬਿਨਾਂ ਮਨਜ਼ੂਰੀ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਦੇ ਦੋਸ਼ ਸਨ। ਸਰਕਾਰ ਨੇ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਰਖ਼ਾਸਤਗੀ ਦਾ ਫ਼ੈਸਲਾ ਕੀਤਾ ਹੈ।
ਇਸ ਕਾਰਵਾਈ ਤੋਂ ਬਾਅਦ ਬਿਹਾਰ ਦੇ ਸਿਹਤ ਮੰਤਰੀ ਨਿਸ਼ਾਂਤ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਸੁਨੇਹਾ ਸਾਂਝਾ ਕਰਦਿਆਂ ਸਰਕਾਰ ਦਾ ਰੁਖ਼ ਸਪੱਸ਼ਟ ਕੀਤਾ। ਉਨ੍ਹਾਂ ਸਿਹਤ ਵਿਭਾਗ ਦੇ ਹੋਰਨਾਂ ਡਾਕਟਰਾਂ ਅਤੇ ਸਿਹਤ ਕਾਮਿਆਂ ਨੂੰ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ।
ਸਰਕਾਰ ਦੀ ਇਸ ਕਾਰਵਾਈ ਨੂੰ ਸਰਕਾਰੀ ਸਿਹਤ ਸੇਵਾਵਾਂ ਵਿੱਚ ਅਨੁਸ਼ਾਸਨ ਕਾਇਮ ਕਰਨ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।





